ਬੇਬੁਨਿਆਦ ਦੋਸ਼ ਲਗਾ ਰਹੀ ਵਿਰੋਧੀ ਧਿਰ : ਅਜੈ ਕੌਸ਼ਲ ਸੇਠੂ
ਬੇਬੁਨਿਆਦ ਦੋਸ਼ ਲਗਾ ਰਹੀ ਵਿਰੋਧੀ ਧਿਰ: ਅਜੈ ਕੌਸ਼ਲ ਸੇਠੂ
Publish Date: Mon, 02 Nov 2026 04:37 PM (IST)
Updated Date: Mon, 02 Nov 2026 04:38 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਦੇ ਮੁਕੇਰੀਆਂ ਤੋਂ ਸੀਨੀਅਰ ਆਗੂ ਅਤੇ ਜਲੰਧਰ ਦੇ ਸਹਿ-ਕਨਵੀਨਰ ਅਜੈ ਕੌਸ਼ਲ ਸੇਠੂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਲਗਾਤਾਰ ਚੋਣਾਂ ਵਿੱਚ ਮਿਲ ਰਹੀਆਂ ਹਾਰਾਂ ਕਾਰਨ ਵਿਰੋਧੀ ਧਿਰ ਬੌਖਲਾ ਗਈ ਹੈ ਅਤੇ ਆਪਣੀ ਸਿਆਸੀ ਭਰੋਸੇਯੋਗਤਾ ਗੁਆ ਚੁੱਕੀ ਹੈ। ਇਸੇ ਕਾਰਨ ਵਿਰੋਧੀ ਆਗੂ ਵੋਟ ਚੋਰੀ ਅਤੇ ਚੋਣਾਂ ਵਿੱਚ ਗੜਬੜੀ ਵਰਗੇ ਬੇਬੁਨਿਆਦ ਦੋਸ਼ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਰੈਲੀ ’ਤੇ ਪ੍ਰਤੀਕਿਰਿਆ ਦਿੰਦਿਆਂ ਸੇਠੂ ਨੇ ਇਸ ਨੂੰ ਸਿਆਸੀ ਨਿਰਾਸ਼ਾ ਦਾ ਪ੍ਰਗਟਾਵਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲੋਕਤੰਤਰੀ ਪ੍ਰਣਾਲੀ ਅਤੇ ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਕੇ ਦੇਸ਼ ਵਿੱਚ ਭੰਬਲਭੂਸੇ ਅਤੇ ਅਸਥਿਰਤਾ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਚੋਣਾਂ ਵਿੱਚ ਹਾਰ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਵਿਰੋਧੀ ਧਿਰ ਨੂੰ ਆਤਮ-ਮੰਥਨ ਕਰਨਾ ਚਾਹੀਦਾ ਹੈ। ਅਜੈ ਕੌਸ਼ਲ ਸੇਠੂ ਨੇ ਦਾਅਵਾ ਕੀਤਾ ਕਿ ਭਾਜਪਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਵਿਵਸਥਾ ਪ੍ਰਤੀ ਆਪਣੀ ਵਚਨਬੱਧਤਾ ਨਾਲ ਦੇਸ਼ ਹਿੱਤ ਵਿੱਚ ਕੰਮ ਕਰਦੀ ਰਹੇਗੀ।