ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ

ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ 102 ਗ੍ਰਾਮ ਨਸ਼ੀਲਾ ਪਾਊਡਰ, 21 ਬੋਤਲਾਂ ਸ਼ਰਾਬ ਤੇ 60 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ। ਇਕ ਮਾਮਲੇ 'ਚ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ 72 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਨਾਮਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਕਾਲਰਾ ਮੌੜ ਗੜ੍ਹਦੀਵਾਲਾ ਵਿਖੇ ਅੰਬਾਂ ਦੇ ਬਾਗ਼ 'ਚੋਂ ਕੱਚੇ ਰਸਤੇ 'ਤੇ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕੇ ਦੇ ਅਧਾਰ 'ਤੇ ਰੋਕਿਆ ਗਿਆ, ਜਿਸ ਦੀ ਪਛਾਣ ਗੌਰਵ ਵਾਸੀ ਜੌਹਲਾ ਥਾਣਾ ਗੜ੍ਹਦੀਵਾਲ ਵਜੋਂ ਹੋਈ। ਇਸ ਦੌਰਾਨ ਜਦੋਂ ਪੁਲਿਸ ਮੁਲਾਜ਼ਮਾਂ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋ 72 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।

ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ 60 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਰਮ ਸਿੰਘ ਪੁੱਤਰ ਭਜਨ ਸਿੰਘ ਵਾਸੀ ਅਹਿਰਾਣਾ ਖੁਰਦ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਆਈ ਜਗਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਮੁਲਾਜ਼ਮਾਂ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਉਹ ਟੀ-ਪੁਆਇੰਟ ਖਨੌੜਾ ਨੇੜੇ ਪੁੱਜੇ ਤਾਂ ਖਨੌੜਾ ਵਾਲੇ ਪਾਸਿਓ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਨੂੰ ਦੇਖ ਦੇ ਆਪਣੇ ਹੱਥ ਵਿਚ ਫੜਿਆ ਹੋਇਆ ਇਕ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ, ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਅਧਾਰ 'ਤੇ ਕਾਬੂ ਕਰ ਲਿਆ ਤੇ ਉਸ ਦੇ ਵੱਲੋਂ ਸੁੱਟੇ ਲਿਫਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 60 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਸੇ ਤਰ੍ਹਾਂ ਦਸੂਹਾ ਪੁਲਿਸ ਨੇ ਵੀ ਇਕ ਮੋਟਰਸਾਈਕਲ ਸਵਾਰ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਏਐੱਸਆਈ ਰਛਪਾਲ ਸਿੰਘ ਨੇ ਦੱਸਿਆ ਉਹ ਪੁਲਿਸ ਮੁਲਾਜਮਾਂ ਨਾਲ ਹਾਜੀਪੁਰ ਚੌਕ ਦਸੂਹਾ ਵਿਖੇ ਨਾਕੇ 'ਤੇ ਮੌਜੂਦ ਸੀ। ਇਸ ਦੌਰਾਨ ਇਕ ਮੋਟਰਸਾਈਕਲ ਪੀਬੀ 07 ਏ ਵੀ 4787 ਸਵਾਰ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ, ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਜਿਸ ਦੀ ਪਛਾਣ ਗੁਰਪ੍ਰਰੀਤਪਾਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਘੋਗਰਾ ਵਜੋ ਹੋਈ ਹੈ।

ਚੌਥੇ ਮਾਮਲੇ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ 21 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੋਹਣ ਸਿੰਘ ਪੁੱਤਰ ਅਮਰਚੰਦ ਵਾਸੀ ਸਿੰਗੜੀਵਾਲਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।