22 ਤੋਂ 24 ਤੱਕ ਜ਼ਿਲ੍ਹੇ ਵਿੱਚ ਚੱਲੇਗੀ ਪਲਸ ਪੋਲੀਓ ਮੁਹਿੰਮ 22 ਤੋਂ 24 ਨਵੰਬਰ ਤੱਕ ਜ਼ਿਲ੍ਹੇ ਵਿੱਚ ਚੱਲੇਗੀ ਪਲਸ ਪੋਲੀਓ ਮੁਹਿੰਮ: 1,40,768 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ
Publish Date: Wed, 18 Nov 2026 03:15 PM (IST)
Updated Date: Wed, 18 Nov 2026 03:18 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ: ਸਿਹਤ ਵਿਭਾਗ ਵੱਲੋਂ 22 ਤੋਂ 24 ਨਵੰਬਰ 2026 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਕੁੱਲ 1,40,768 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਲਈ ਜ਼ਿਲ੍ਹੇ ਵਿੱਚ 799 ਪੋਲੀਓ ਬੂਥ ਸਥਾਪਿਤ ਕੀਤੇ ਜਾਣਗੇ ਅਤੇ 1,598 ਸਿਹਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੇ ਕੰਮਕਾਜ ਦੀ ਨਿਗਰਾਨੀ ਲਈ 175 ਸੁਪਰਵਾਈਜ਼ਰ ਲਗਾਏ ਗਏ ਹਨ, ਜੋ ਮੁਹਿੰਮ ਦੌਰਾਨ ਟੀਮਾਂ ਦੀ ਕਾਰਗੁਜ਼ਾਰੀ ਤੇ ਨਜ਼ਰ ਰੱਖਣਗੇ। ਮੁਹਿੰਮ ਦੇ ਪਹਿਲੇ ਪੜਾਅ ਵਿੱਚ ਬੂਥਾਂ ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ ਇਸ ਤੋਂ ਬਾਅਦ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ, ਪ੍ਰਵਾਸੀ ਆਬਾਦੀ, ਝੁੱਗੀਆਂ-ਝੌਂਪੜੀਆਂ, ਭੱਠਿਆਂ, ਸ਼ੈਲਰਾਂ, ਫੈਕਟਰੀਆਂ ਅਤੇ ਦੂਰ-ਦਰਾਜ ਦੇ ਇਲਾਕਿਆਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਡਾ. ਸੀਮਾ ਗਰਗ ਨੇ ਜ਼ਿਲ੍ਹੇ ਦੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 22 ਤੋਂ 24 ਨਵੰਬਰ ਦੌਰਾਨ ਆਪਣੇ ਪੰਜ ਸਾਲ ਤੱਕ ਦੀ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਭਾਵੇਂ ਬੱਚੇ ਨੂੰ ਪਹਿਲਾਂ ਵੀ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ ਜਾਂ ਉਸ ਦਾ ਨਿਯਮਿਤ ਟੀਕਾਕਰਨ ਹੋ ਚੁੱਕਾ ਹੋਵੇ, ਫਿਰ ਵੀ ਇਸ ਮੁਹਿੰਮ ਦੌਰਾਨ ਪੋਲੀਓ ਦੀਆਂ ਦੋ ਬੂੰਦਾਂ ਪਿਲਾਉਣੀਆਂ ਜ਼ਰੂਰੀ ਹਨ।