- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰੀ ਦੇ ਕਥਿਤ ਦੋਸ਼ੀ ਦੇ ਘਰ ’ਤੇ ਚੱਲਿਆ ਪੀਲਾ ਪੰਜਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸਰਹਾਲਾ ਕਲਾਂ ਵਿੱਚ ਨਸ਼ਾ ਤਸਕਰੀ ਦੇ ਕਥਿਤ ਦੋਸ਼ੀ ਨਾਲ ਸਬੰਧਤ ਮਕਾਨ ਨੂੰ ਅੱਜ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਢਾਹ ਦਿੱਤਾ। ਕਥਿਤ ਦੋਸ਼ੀ ਵਿਰੁੱਧ ਨਸ਼ਾ ਤਸਕਰੀ ਦੇ ਸੱਤ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਉਸ ਵਲੋਂ ਪੰਚਾਇਤੀ ਜਮੀਨ ’ਤੇ ਕਬਜਾ ਵੀ ਕੀਤਾ ਹੋਇਆ ਸੀ। ਮੌਕੇ ’ਤੇ ਮੌਜੂਦ ਪੁਲਿਸ ਅਫਸਰਾਂ ਅਤੇ ਥਾਣਾ ਚੱਬੇਵਾਲ ਦੇ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵੱਲੋਂ ਇਸ ਮਾਮਲੇ ਵਿੱਚ ਨਾਜਾਇਜ਼ ਉਸਾਰੀ ਜਾਂ ਕਬਜ਼ੇ ਨਾਲ ਸਬੰਧਤ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੀ ਕਿ ਸ਼ਿਕਾਇਤ ਦੀ ਪੰਚਾਇਤੀ ਵਿਭਾਗ ਨੇ ਪੜਤਾਲ ਕਰਕੇ ਇਸ ’ਤੇ ਗੈਰ ਕਾਨੂੰਨੀ ਕਬਜਾ ਅਤੇ ਉਸਾਰੀ ਦੀ ਪੁਸ਼ਟੀ ਕੀਤੀ ਸੀ। ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਬਣੀ ਹੋਈ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਪੁਲਿਸ ਤੇ ਪ੍ਰਸ਼ਾਸਨ ਦੀ ਭੂਮਿਕਾ ਅਹਿਮ ਮੰਨੀ ਜਾਂਦੀ ਹੈ। ਐਸ ਐਸ ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ ਪੂਰੇ ਜਿਲ੍ਹੇ ਵਿਚ 17 ਨਸ਼ੇ ਦੇ ਹਾਟ ਸਪਾਟ ਦੀ ਨਿਸ਼ਾਨੀਦੇਹੀ ਕੀਤੀ ਹੋਈ ਹੈ। ਉਨ੍ਹਾਂ ਸਥਾਨਾਂ ’ਤੇ ਨਸ਼ਾ ਤਸਕਰਾਂ ਵਲੋਂ ਕੀਤੇ ਨਾਜਾਇਜ ਕਬਜਿਆਂ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ। ਇਹ ਮਾਮਲਾ ਵੀ ਉਸੇ ਲੜੀ ਦਾ ਹਿੱਸਾ ਹੈ।