ਪਿਛਲੇ ਚਾਰ ਦਿਨਾਂ ਤੋਂ ਸ਼ਾਮ ਸਮੇਂ ਲੱਗ ਰਹੇ ਲੰਬੇ ਬਿਜਲੀ ਕੱਟਾਂ ਤੋਂ ਹਰਿਆਣਾ ਵਾਸੀ ਪ੍ਰੇਸ਼ਾਨ ਪਿਛਲੇ ਚਾਰ ਦਿਨਾਂ ਤੋਂ ਸ਼ਾਮ ਸਮੇਂ ਲੱਗ ਰਹੇ ਲੰਬੇ ਬਿਜਲੀ ਕੱਟਾਂ ਤੋਂ ਹਰਿਆਣਾ ਵਾਸੀ ਪ੍ਰੇਸ਼ਾਨ
Publish Date: Fri, 27 Nov 2026 03:35 PM (IST)
Updated Date: Fri, 27 Nov 2026 03:37 PM (IST)
ਸੀਐਮ ਦੀ ਬਿਜਲੀ ਸਪਲਾਈ ਨੂੰ ਲੈ ਕੇ ਦਿੱਤੀ ਗਰੰਟੀ ’ਤੇ ਉੱਠੇ ਸਵਾਲ ਕਮਲ, ਪੰਜਾਬੀ ਜਾਗਰਣ ਹਰਿਆਣਾ : ਕਸਬਾ ਹਰਿਆਣਾ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਸ਼ਾਮ ਦੇ ਸਮੇਂ ਲੱਗ ਰਹੇ ਲੰਬੇ ਬਿਜਲੀ ਦੇ ਕੱਟਾਂ ਕਾਰਨ ਸ਼ਹਿਰ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਬਿਜਲੀ ਦੀ ਨਿਰਵਿਘਨ ਸਪਲਾਈ ਦੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕਸਬਾ ਹਰਿਆਣਾ ਵਿੱਚ ਰੋਜ਼ਾਨਾ ਸ਼ਾਮ ਨੂੰ ਬਿਜਲੀ ਗੁੱਲ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਪਰ ਕਸਬਾ ਹਰਿਆਣਾ ਵਿੱਚ ਪਿਛਲੇ ਕਈ ਦਿਨਾਂ ਤੋਂ ਸ਼ਾਮ ਦੇ ਸਮੇਂ ਲੱਗ ਰਹੇ ਲੰਬੇ ਕੱਟਾਂ ਕਾਰਨ ਸਰਕਾਰ ਦੀ ਇਸ ਗਰੰਟੀ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸ਼ਾਮ ਦਾ ਸਮਾਂ ਦੁਕਾਨਦਾਰਾਂ ਅਤੇ ਵਪਾਰੀਆਂ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਦਿਨ ਭਰ ਆਪਣੇ ਕੰਮਾਂ-ਕਾਰਾਂ ਵਿੱਚ ਰੁੱਝੇ ਰਹਿਣ ਤੋਂ ਬਾਅਦ ਲੋਕ ਸ਼ਾਮ ਸਮੇਂ ਖਰੀਦਦਾਰੀ ਕਰਨ ਲਈ ਬਾਜ਼ਾਰ ਵਿੱਚ ਪਹੁੰਚਦੇ ਹਨ। ਇਸੇ ਸਮੇਂ ਬਿਜਲੀ ਦੇ ਲੰਬੇ ਕੱਟ ਲੱਗਣ ਕਾਰਨ ਸਾਰਾ ਬਾਜ਼ਾਰ ਹਨੇਰੇ ਵਿੱਚ ਡੁੱਬ ਜਾਂਦਾ ਹੈ। ਦੁਕਾਨਾਂ ਵਿੱਚ ਲਾਈਟਾਂ ਬੰਦ ਹੋਣ ਕਾਰਨ ਗਾਹਕਾਂ ਨੂੰ ਸਮਾਨ ਦੇਖਣ ਅਤੇ ਖਰੀਦਦਾਰੀ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਦਾ ਸਿੱਧਾ ਅਸਰ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਦੀਆਂ ਦੇ ਮੌਸਮ ਵਿੱਚ ਸ਼ਾਮ ਸਮੇਂ ਜਲਦੀ ਹਨੇਰਾ ਹੋ ਜਾਂਦਾ ਹੈ। ਬੱਚਿਆਂ ਦੀ ਪੜ੍ਹਾਈ, ਘਰੇਲੂ ਕੰਮਕਾਜ ਅਤੇ ਹੋਰ ਜ਼ਰੂਰੀ ਕੰਮ ਬਿਜਲੀ ਨਾ ਹੋਣ ਕਾਰਨ ਪ੍ਰਭਾਵਿਤ ਹੁੰਦੇ ਹਨ। ਲੋਕਾਂ ਨੇ ਸਵਾਲ ਉਠਾਇਆ ਕਿ ਜੇਕਰ ਸਰਦੀਆਂ ਦੇ ਮੌਸਮ ਵਿੱਚ ਬਿਜਲੀ ਦੀ ਮੰਗ ਗਰਮੀਆਂ ਦੇ ਮੁਕਾਬਲੇ ਘੱਟ ਰਹਿੰਦੀ ਹੈ ਤਾਂ ਫਿਰ ਕਸਬਾ ਹਰਿਆਣਾ ਵਿੱਚ ਲਗਾਤਾਰ ਲੰਬੇ ਬਿਜਲੀ ਕੱਟ ਕਿਉਂ ਲਗਾਏ ਜਾ ਰਹੇ ਹਨ? ਕੀ ਕਹਿੰਦੇ ਨੇ ਬਿਜਲੀ ਵਿਭਾਗ ਦੇ ਐਸਡੀਓ ਜਦੋਂ ਕਸਬਾ ਹਰਿਆਣਾ ਵਿੱਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਸਬੰਧੀ ਮੌਜੂਦਾ ਐਸਡੀਓ ਜਸਵੰਤ ਸਿੰਘ ਹਰਿਆਣਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਬਿਜਲੀ ਦਫਤਰ ਪਟਿਆਲਾ ਤੋਂ ਲੱਗ ਰਹੇ ਹਨ ਅਤੇ ਸਪਲਾਈ ਦੀ ਸ਼ਾਰਟੇਜ ਹੋਣ ਕਾਰਨ ਇਹ ਬਿਜਲੀ ਦੇ ਕੱਟ ਲੱਗ ਰਹੇ ਹਨ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਬਿਜਲੀ ਦੇ ਕੱਟ ਹੋਰ ਕਿੰਨਾ ਸਮਾਂ ਲੱਗਣਗੇ ਤਾਂ ਉਹਨਾਂ ਕਿਹਾ ਕਿ ਇਸ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ।