- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਘਟਨਾ ਦੇ ਵਿਰੋਧ ’ਚ ਅੱਜ ਹੁਸ਼ਿਆਰਪੁਰ ਮੁਕੰਮਲ ਬੰਦ ਦਾ ਐਲਾਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਰਤ ਦੇ ਸੰਵਿਧਾਨ ਨਿਰਮਾਤਾ ਅਤੇ ਮਹਾਨ ਚਿੰਤਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਨਾਲ ਛੇੜਛਾੜ ਅਤੇ ਬੇਅਦਬੀ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਜਦਿਕ ਸੂਬਾ ਸਰਕਾਰ ਇਨ੍ਹਾਂ ਘਟਨਾਵਾਂ ਰੋਕਣ ’ਚ ਬੁਰੀ ਤਰਾਂ ਅਸਮਰਥ ਰਹੀ ਹੈ। ਇਹ ਵਿਚਾਰ ਅੱਜ ਹੁਸ਼ਿਆਰਪੁਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦੇ ਹੋਏ ਦਲਿਤ ਅਤੇ ਵਾਲਮੀਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਗਟ ਕੀਤੇ। ਉਨ੍ਹਾਂ ਐਲਾਨ ਕੀਤਾ ਕੀਤਾ ਅੱਜ ੲਸੇ ਘਟਨਾ ਦੇ ਵਿਰੋਧ ਵਿਚ ਹੁਸ਼ਿਆਰਪੁਰ ਪੂਰੀ ਤਰਾਂ ਨਾਲ ਬੰਦ ਰਹੇਗਾ।
ਇਸ ਮੌਕੇ ਚੇਅਰਮੈਨ ਤਰਸੇਮ ਲਾਲ ਹੰਸ, ਮੋਹਣ ਲਾਲ ਪਹਿਲਵਾਨ, ਤਰਸੇਮ ਲਾਲ ਆਦੀਆ, ਵਿਕਾਸ ਹੰਸ, ਮਾਸਟਰ ਵਿਨੋਦ, ਕਮਲ ਭੱਟੀ, ਰਿਸ਼ੂ ਆਦੀਆ, ਬਿੰਦਰ ਸਰੋਆ, ਰਾਜਾ ਹੰਸ, ਦਰਸ਼ਨ ਲਾਲ ਸਿੱਧੂ, ਰਮੇਸ਼ ਹੰਸ, ਰਾਕੇਸ਼ ਸਿੱਧੂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਭਾਰਤ ਦੇ ਮਹਾਨ ਸੰਵਿਧਾਨ ਨਿਰਮਾਤਾ ਹਨ। ਉਨ੍ਹਾਂ ਦੇ ਸਨਮਾਨ ਨਾਲ ਜੁੜੇ ਪ੍ਰਤੀਕਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਦੇ ਬਾਵਜੂਦ ਲੰਮੇ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਨਾਲ ਛੇੜਛਾੜ ਅਤੇ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਕਿ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਦੇ ਜਲੰਧਰ ਬਾਈਪਾਸ ਵਿਖੇ ਬਾਬਾ ਸਾਹਿਬ ਜੀ ਦੇ ਬੁੱਤ ਨਾਲ ਛੇੜਛਾੜ ਅਤੇ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫ਼ਤਰ, ਵਿੱਦਿਅਕ ਸੰਸਥਾ, ਆਵਾਜਾਈ ਸਮੇਤ ਸਭ ਕੁੱਝ ਬੰਦ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਸਹਿਯੋਗ ਕਰਨ।