- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ : ਚੰਦਨ ਗਰੇਵਾਲ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਫ਼ਾਈ ਕਰਮੀਆਂ, ਸੀਵਰਮੈਨਾਂ ਅਤੇ ਵੱਖ-ਵੱਖ ਨਿਗਮਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਲੋਕ ਹਿੱਤ ਵਿਚ ਵੱਡਾ ਫੈਸਲਾ ਲਿਆ ਹੈ ਅਤੇ ਇਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਵੀ ਜਲਦੀ ਪੂਰੀਆਂ ਕਰਵਾਉਣ ਲਈ ਕਮਿਸ਼ਨ ਵੱਲੋਂ ਚਾਰਾਜੋਈ ਕੀਤੀ ਜਾਵੇਗੀ। ਸਥਾਨਕ ਨਗਰ ਨਿਗਮ ਕੰਪਲੈਕਸ ਵਿਖੇ ਅਸਿਸਟੈਂਟ ਐਡਵੋਕੇਟ ਜਨਰਲ ਰਾਹੁਲ ਆਦੀਆ, ਦਲਿੱਤ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਅਜੇ ਪਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਜ਼ਿਲ੍ਹੇ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਮੁਸ਼ਕਲਾਂ ਸੁਣਦਿਆਂ ਕਿਹਾ ਕਿ ਇਹ ਮੁਸ਼ਕਿਲਾਂ ਜਲਦੀ ਹੱਲ ਹੋਣਗੀਆਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਇੱਥੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੰਗਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇ। ਸਫ਼ਾਈ ਸੇਵਕਾਂ ਵੱਲੋਂ ਰੱਖੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਉਹ ਜਲਦੀ ਹੀ ਇਨ੍ਹਾਂ ਮੁਲਾਜ਼ਮਾਂ ਦਾ ਇਕ ਵਫ਼ਦ ਲੈ ਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਲਣਗੇ ਤਾਂ ਜੋ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਹੱਲ ਕਰਵਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਚੰਦਨ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਿਸ਼ਵਤਖੋਰੀ ਦੇ ਸਖਤ ਖ਼ਿਲਾਫ਼ ਹੈ ਅਤੇ ਰਿਸ਼ਵਤ ਦੇ ਮਾਮਲੇ ਵਿਚ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਖਿਲਾਫ਼ ਪੰਜਾਬ ਸਰਕਾਰ ਦੀ ’ਜ਼ੀਰੋ ਟਾਲਰੈਂਸ’ ਨੀਤੀ ਪੂਰੀ ਕਾਰਗਰ ਸਾਬਤ ਹੋਈ ਹੈ ਅਤੇ ਰਿਸ਼ਵਤਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੈ। ਉਨ੍ਹਾਂ ਨੇ ਮੌਕੇ ’ਤੇ ਹੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਤਰਜ਼ੀਹ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ, ਐੱਸ.ਡੀ.ਐੱਮ ਪਰਮਪ੍ਰੀਤ ਸਿੰਘ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਮੌਜੂਦ ਸਨ।