ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Publish Date: Wed, 09 Sep 2026 07:03 PM (IST)
Updated Date: Wed, 09 Sep 2026 07:04 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਿਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਵੇਗੀ। ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀਐੱਸਐੱਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 7 ਨਵੰਬਰ ਤੱਕ ਲਾਗੂ ਰਹਿਣਗੇ।