ਬਰਾਬਰੀ ਤੇ ਸਾਂਝੀਵਾਲਤਾ ਆਧਾਰਿਤ ਸਮਾਜ 'ਚ ਹੀ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਸੰਭਵ: ਰਾਜਵਿੰਦਰ ਬੈਂਸ
ਬਰਾਬਰੀ ਤੇ ਸਾਂਝੀਵਾਲਤਾ ਆਧਾਰਿਤ ਸਮਾਜ 'ਚ ਹੀ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਸੰਭਵ: ਰਾਜਵਿੰਦਰ ਬੈਂਸ
Publish Date: Tue, 10 Nov 2026 03:09 PM (IST)
Updated Date: Tue, 10 Nov 2026 03:11 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਰਾਜ ਅਤੇ ਸਮਾਜ ਦੇ ਮੌਜੂਦਾ ਢਾਂਚੇ ਨੇ ਆਮ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ’ਤੇ ਘਾਣ ਕੀਤਾ ਹੈ। ਦੇਸ਼ ਦੀ ਤਰੱਕੀ ਅਤੇ ਮਨੁੱਖਤਾ ਦੀ ਭਲਾਈ ਲਈ ਬਰਾਬਰੀ ਤੇ ਸਾਂਝੀਵਾਲਤਾ ਆਧਾਰਿਤ ਸਮਾਜ ਦੀ ਸਿਰਜਣਾ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨੁੱਖੀ ਹੱਕਾਂ ਦੇ ਰਖਵਾਲੇ ਜਸਟਿਸ ਅਜੀਤ ਸਿੰਘ ਬੈਂਸ ਦੇ ਸਪੁੱਤਰ ਅਤੇ ਮਾਹਿਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੇ ਇੱਕ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਸਮਾਜ ਦੇ ਹਰ ਵਰਗ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਵਿਸ਼ਵ ਮਨੁੱਖੀ ਅਧਿਕਾਰ ਦਿਵਸ 10 ਦਸੰਬਰ ਦੇ ਸੰਦਰਭ ਵਿੱਚ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਚੰਡੀਗੜ੍ਹ ਵਿਖੇ ਲਗਾਤਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਰਿਟਾ. ਇੰਜਨੀਅਰ ਤਰਜਿੰਦਰ ਸਿੰਘ ਢਿੱਲੋਂ, ਐਡਵੋਕੇਟ ਪਰਮਿੰਦਰ ਸਿੰਘ, ਤਲਵਿੰਦਰ ਸਿੰਘ ਹੀਰ, ਸਰਪੰਚ ਕੁਲਦੀਪ ਸਿੰਘ ਸਿੱਧੂ, ਸਾਬਕਾ ਸਰਪੰਚ ਬਲਵਿੰਦਰ ਕੁਮਾਰ, ਮਲਕੀਤ ਸਿੰਘ ਬਾਹੋਵਾਲ ਅਤੇ ਪ੍ਰਵੀਨ ਕੁਮਾਰ ਮਹਿਤਾ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸੰਸਥਾ ਵੱਲੋਂ 13 ਦਸੰਬਰ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।