- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਗਾਂ ਨੂੰ ਲੈ ਕੇ ਠੇਕਾ ਇੰਸਟਰਕਟਰਾਂ ਦਾ ਭੜਕਿਆ ਗੁੱਸਾ, ਸਰਕਾਰੀ ਆਈ ਟੀ ਆਈ ਹੁਸ਼ਿਆਰਪੁਰ ਦੇ

- ਸਰਕਾਰੀ ਆਈਟੀਆਈ ਹੁਸ਼ਿਆਰਪੁਰ ਦੇ ਗੇਟ ਸਾਹਮਣੇ ਪੰਜਾਬ ਸਰਕਾਰ ਦੀ ਫੂਕੀ ਅਰਥੀ
ਸੰਜੀਵ ਸੂਦ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸਰਕਾਰੀ ਆਈ ਟੀ ਆਈਜ਼ ਵਿੱਚ ਠੇਕੇ ’ਤੇ ਕੰਮ ਕਰ ਰਹੇ ਕੱਚੇ ਇੰਸਟਰਕਟਰਾਂ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕਾ ਕਰਨ, ਬੇਸਿਕ ਤਨਖ਼ਾਹ ਲਾਗੂ ਕਰਨ ਅਤੇ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਫਾਈਲਾਂ ਨੂੰ ਤੁਰੰਤ ਕਲੀਅਰ ਕਰਨ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਅੱਜ ਸਰਕਾਰੀ ਆਈਟੀਆਈ ਹੁਸ਼ਿਆਰਪੁਰ ਦੇ ਮੁੱਖ ਗੇਟ ਸਾਹਮਣੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਗੁੱਸੇ ’ਚ ਭਰੇ ਠੇਕਾ ਇੰਸਟਰਕਟਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਤਿੱਖਾ ਵਿਰੋਧ ਦਰਜ ਕਰਵਾਇਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੂਬਾ ਕਮੇਟੀ ਮੈਂਬਰ ਗਗਨਦੀਪ ਸਿੰਘ ਨੇ ਦੱਸਿਆ ਕਿ ਆਈ ਟੀ ਆਈਜ਼ ਵਿੱਚ ਸੇਵਾ ਨਿਭਾ ਰਹੇ ਠੇਕਾ ਇੰਸਟਰਕਟਰ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜਮਾਂ ਦੀ ਆਵਾਜ਼ ਨੂੰ ਉੱਚਾ ਕਰਨ ਲਈ ਯੂਨੀਅਨ ਵੱਲੋਂ 17 ਮਾਰਚ ਤੋਂ ਸੂਬੇ ਭਰ ’ਚ ਗੇਟ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਸਨ, ਜਿਨ੍ਹਾਂ ਦੇ ਤਹਿਤ ਅੱਜ 20 ਮਾਰਚ ਨੂੰ ਇਹ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਯੂਨੀਅਨ ਵੱਲੋਂ 22 ਦਸੰਬਰ 2025 ਤੋਂ ਚੰਡੀਗੜ੍ਹ ਵਿਖੇ ਮੁੱਖ ਦਫ਼ਤਰ ਦੇ ਸਾਹਮਣੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ 19 ਜਨਵਰੀ ਤੋਂ ਭੁੱਖ ਹੜਤਾਲ ਵੀ ਜਾਰੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਵੀ ਸੰਵੇਦਨਸ਼ੀਲਤਾ ਨਹੀਂ ਦਿਖਾਈ ਗਈ ਅਤੇ ਨਾ ਹੀ ਮੁਲਾਜਮਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਰੋਸ ਹੋਰ ਵੱਧ ਗਿਆ ਹੈ।
ਗਗਨਦੀਪ ਸਿੰਘ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਇੰਸਟਰਕਟਰ ਕੱਚੇ ਤੌਰ ’ਤੇ ਸਿਰਫ਼ 15 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ’ਤੇ ਕੰਮ ਕਰ ਰਹੇ ਹਨ, ਪਰ ਭਗਵੰਤ ਮਾਨ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾ ਜਿਹੜਾ “ਹਰਾ ਪੈਨ” ਕੱਚੇ ਮੁਲਾਜ਼ਮਾਂ ਦੇ ਹੱਕ ’ਚ ਚੱਲਣਾ ਚਾਹੀਦਾ ਸੀ, ਉਹ ਅਜੇ ਤੱਕ ਨਹੀਂ ਚੱਲਿਆ।
ਉਨ੍ਹਾਂ ਅੱਗੇ ਕਿਹਾ ਕਿ ਠੇਕਾ ਪ੍ਰਣਾਲੀ ਹੇਠ ਕੰਮ ਕਰਦੇ ਇੰਸਟਰਕਟਰਾਂ ਨਾਲ ਲੰਬੇ ਸਮੇਂ ਤੋਂ ਅਨਿਆਇ ਹੋ ਰਿਹਾ ਹੈ ਅਤੇ ਉਹਨਾਂ ਨੂੰ ਨਾ ਤਾਂ ਯੋਗ ਤਨਖ਼ਾਹ ਮਿਲ ਰਹੀ ਹੈ ਅਤੇ ਨਾ ਹੀ ਨੌਕਰੀ ਦੀ ਸੁਰੱਖਿਆ। ਅਸੀਂ ਸਮਾਜ ਵਿੱਚ ਇੱਕ ਅਧਿਆਪਕ ਦੀ ਪੋਸਟ ’ਤੇ ਕੰਮ ਕਰ ਰਹੇ ਹਾਂ, ਪਰ ਸਾਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ।
ਖ਼ਾਸ ਕਰਕੇ ਕੱਚੀਆਂ ਲੇਡੀ ਟੀਚਰਾਂ ਦੀ ਹਾਲਤ ਬਹੁਤ ਮਾੜੀ ਹੈ, ਜਿਨ੍ਹਾਂ ਨੂੰ ਮੈਟਰਨਿਟੀ ਲੀਵ ਦੀ ਸਹੂਲਤ ਨਹੀਂ ਦਿੱਤੀ ਜਾਂਦੀ। ਜੇਕਰ ਕੋਈ ਮਹਿਲਾ ਟੀਚਰ ਬੱਚਾ ਜੰਮਣਾ ਚਾਹੇ, ਤਾਂ ਉਸਨੂੰ ਆਪਣੀ ਨੌਕਰੀ ਤੋਂ ਅਸਤੀਫਾ ਦੇਣਾ ਪਵੇਗਾ, ਜੋ ਕਿ ਸਮਾਜ ਅਤੇ ਸਰਕਾਰ ਲਈ ਗੰਭੀਰ ਸੋਚਣ ਵਾਲਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਹੀ।
ਗਗਨਦੀਪ ਸਿੰਘ ਨੇ ਕਿਹਾ ਕਿ ਜੱਥੇਬੰਦੀ ਨੇ ਹੁਣ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਜਲਦ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ 28 ਮਾਰਚ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।