ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਜਥੇਬੰਦੀਆਂ ’ਚ ਰੋਸ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਕਿਸਾਨ ਜਥੇਬੰਦੀਆਂ ਵਿੱਚ ਰੋਸ
Publish Date: Fri, 27 Nov 2026 05:45 PM (IST)
Updated Date: Fri, 27 Nov 2026 05:46 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਬੀਤੀ 15 ਨਵੰਬਰ ਤੋਂ ਮੁਕੇਰੀਆਂ ਗੰਨਾ ਮਿੱਲ ਦੇ ਸਾਹਮਣੇ ਗੰਨਾ ਕਾਸ਼ਤਕਾਰਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ, ਮਿੱਲ ਨੂੰ ਸਮੇਂ ਸਿਰ ਚਾਲੂ ਕਰਨ ਅਤੇ ਗੰਨੇ ਦਾ ਵਾਜਬ ਭਾਅ ਨਿਰਧਾਰਤ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ 17 ਨਵੰਬਰ ਨੂੰ ਚੱਕਾ ਜਾਮ ਦੌਰਾਨ ਰਾਤ ਸਮੇਂ ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਉਪਰੰਤ ਮੁਕੇਰੀਆਂ ਪੁਲਿਸ ਵੱਲੋਂ ਕਿਸਾਨ ਆਗੂਆਂ ਅਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੱਗੜੀ ਸੰਭਾਲ ਲਹਿਰ ਦੇ ਕਿਸਾਨ ਆਗੂ ਦਲਜੀਤ ਸਿੰਘ ਹੈਪੀ ਅਤੇ ਦਿਲਬਾਗ ਸਿੰਘ ਰੰਧਾਵਾ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਬੇਹੱਦ ਦੁਖਦਾਈ ਹੈ ਅਤੇ ਉਹ ਪੀੜਤ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿਨ ਸਮੇਂ ਟਰੈਫਿਕ ਵਿਵਸਥਾ ਸੁਚਾਰੂ ਸੀ, ਪਰ ਰਾਤ ਸਮੇਂ ਮੌਕੇ ’ਤੇ ਕੋਈ ਪੁਲਿਸ ਮੁਲਾਜ਼ਮ ਤਾਇਨਾਤ ਨਹੀਂ ਸੀ। ਉਨ੍ਹਾਂ ਅਨੁਸਾਰ ਪ੍ਰਸ਼ਾਸਨਿਕ ਲਾਪਰਵਾਹੀ ਦੀ ਜਵਾਬਦੇਹੀ ਤੈਅ ਕਰਨ ਦੀ ਬਜਾਏ ਕਿਸਾਨ ਆਗੂਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਬਾਗੜੀਆ, ਗੁਰਨਾਮ ਸਿੰਘ ਜਹਾਨਪੁਰ ਅਤੇ ਉਂਕਾਰ ਸਿੰਘ ਪੁਰਾਣਾ ਭੰਗਾਲਾ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਕੇ ਪਰਚੇ ਰੱਦ ਕੀਤੇ ਜਾਣ, ਨਹੀਂ ਤਾਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸਮੇਸ਼ਰ ਸਿੰਘ, ਮਨਜੀਤ ਸਿੰਘ, ਇਕਬਾਲ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਗੋਪਾ, ਰਸ਼ਪਾਲ ਸਿੰਘ, ਸੇਵਾ ਸਿੰਘ, ਰਵਿੰਦਰ ਸਿੰਘ ਅਤੇ ਬਲਕਾਰ ਸਿੰਘ ਹਾਜ਼ਰ ਸਨ।