ਏਡੀਸੀ ਦਸੂਹਾ ਦੀ ਨਿਯੁਕਤੀ ਨੂੰ ਲੈ ਕੇ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਰੋਸ ਏ.ਡੀ.ਸੀ. ਦਸੂਹਾ ਦੀ ਨਿਯੁਕਤੀ ਨੂੰ ਲੈ ਕੇ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਰੋਸ, ਰੈਵੀਨਿਊ ਅਦਾਲਤਾਂ ਦਾ ਕੰਮਕਾਜ ਠੱਪ
Publish Date: Thu, 19 Nov 2026 05:01 PM (IST)
Updated Date: Thu, 19 Nov 2026 05:03 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੀ ਅਗਵਾਈ ਹੇਠ ਵਕੀਲਾਂ ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ। ਵਕੀਲਾਂ ਨੇ ਮੰਗ ਕੀਤੀ ਕਿ ਤਹਿਸੀਲ ਦਸੂਹਾ ਵਿਖੇ ਨਿਯੁਕਤ ਕੀਤੇ ਗਏ ਵਧੀਕ ਡਿਪਟੀ ਕਮਿਸ਼ਨਰ ਨੂੰ ਹੁਸ਼ਿਆਰਪੁਰ ਵਿਖੇ ਚੱਲ ਰਹੇ ਅਦਾਲਤੀ ਕੇਸ ਨਾ ਭੇਜੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹਾ ਹੈੱਡਕੁਆਰਟਰ ਹੁਸ਼ਿਆਰਪੁਰ ਵਿਖੇ ਕਮਿਸ਼ਨਰ ਜਲੰਧਰ ਦੀ ਕੈਂਪ ਕੋਰਟ ਹਫ਼ਤੇ ਵਿੱਚ ਦੋ ਦਿਨ ਲਗਾਉਣ ਦੀ ਮੰਗ ਵੀ ਰੱਖੀ ਗਈ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੰਗ ਪੱਤਰ ਤੁਰੰਤ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ। ਇਸ ਦੌਰਾਨ ਬਾਰ ਐਸੋਸੀਏਸ਼ਨ ਨੇ ਲਿਖਤੀ ਭਰੋਸਾ ਮਿਲਣ ਤੱਕ ਸਾਰੀਆਂ ਰੈਵੀਨਿਊ ਅਦਾਲਤਾਂ ਦਾ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ। ਵਕੀਲਾਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਕਾਰਨ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਜਨਰਲ ਸਕੱਤਰ ਐਡਵੋਕੇਟ ਪੁਨੀਤ ਇੰਦਰ ਸਿੰਘ ਕੰਗ, ਮੀਤ ਪ੍ਰਧਾਨ ਮਾਨਿਕ ਡੋਗਰਾ, ਗੁਰਪ੍ਰੀਤ ਕੌਰ, ਐਡਵੋਕੇਟ ਰਜਨੀ ਨੰਦਾ, ਵਰਿੰਦਰ ਹੀਰਾ ਅਤੇ ਨਿਰਵੈਰ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਹਾਜ਼ਰ ਸਨ।