ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਤੇ ਕੇਂਦਰੀ ਯੋਜਨਾਵਾਂ ਦੀ ਨਿਯਮਤ ਸਮੀਖਿਆ ਕਰਨ ਅਧਿਕਾਰੀ : ਪ੍ਰਿਯਾਂਕ ਕਾਨੂੰਨਗੋ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਤੇ ਕੇਂਦਰੀ ਯੋਜਨਾਵਾਂ ਦੀ ਨਿਯਮਤ ਸਮੀਖਿਆ ਕਰਨ ਅਧਿਕਾਰੀ : ਪ੍ਰਿਯਾਂਕ ਕਾਨੂੰਨਗੋ
Publish Date: Wed, 18 Nov 2026 07:24 PM (IST)
Updated Date: Wed, 18 Nov 2026 07:27 PM (IST)
ਮੁਕੇਰੀਆਂ ਦੇ ਭੰਗਾਲਾ, ਨਮੋਲੀ, ਤਲਵਾੜਾ ਅਤੇ ਘੋਗਰਾ ਦਾ ਦੌਰਾ ਕਰਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ, ਤਾਂ ਜੋ ਇਨ੍ਹਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰਿਯਾਂਕ ਕਾਨੂੰਨਗੋ ਨੇ ਜ਼ਿਲ੍ਹਾ ਪੁਲਿਸ ਤੋਂ ਪੋਕਸੋ ਐਕਟ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਪ੍ਰਾਪਤ ਸ਼ਿਕਾਇਤਾਂ ਅਤੇ ਉਨ੍ਹਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀ.ਪੀ.ਈ. ਕਿੱਟਾਂ, ਨਮਸਤੇ ਯੋਜਨਾ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਤੋਂ ਸਿੱਖਿਆ ਦਾ ਅਧਿਕਾਰ ਐਕਟ ਤਹਿਤ ਕੀਤੀ ਗਈ ਕਾਰਵਾਈ ਅਤੇ ਪ੍ਰੀ-ਮੈਟ੍ਰਿਕ ਵਜ਼ੀਫ਼ਾ ਯੋਜਨਾ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੀ ਆਰ.ਬੀ.ਐਸ.ਕੇ. ਯੋਜਨਾ, ਪੰਜਾਬ ਹੁਨਰ ਵਿਕਾਸ ਕਮਿਸ਼ਨ, ਆਰਸੇਟੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਅਧੀਨ ਚਲਾਈਆਂ ਜਾ ਰਹੀਆਂ ਯੋਜਨਾਵਾਂ, ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਤੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸਮੇਤ ਹੋਰ ਕੇਂਦਰੀ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਜਾਣਗੇ । ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਾਨੂੰਨ ਅਨੁਸਾਰ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਪੋਕਸੋ ਐਕਟ ਨਾਲ ਸਬੰਧਤ ਮਾਮਲਿਆਂ ਵਿੱਚ ਸੰਵੇਦਨਸ਼ੀਲਤਾ ਨਾਲ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਏ.ਡੀ.ਸੀ. (ਜਨਰਲ) ਮੇਜਰ (ਡਾ.) ਸੁਮਿਤ ਮੁੱਧ, ਏ.ਡੀ.ਸੀ. ਦਸੂਹਾ ਅਮਨਦੀਪ ਕੌਰ ਘੁੰਮਣ, ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸ.ਪੀ. ਨਵਨੀਤ ਕੌਰ, ਐਸ.ਪੀ. ਐਨ.ਐਸ. ਮਾਹਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।