- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਸਦ ਮੈਂਬਰ , ਵਿਧਾਇਕ ਜਿੰਪਾ ਤੇ ਡਿਪਟੀ ਕਮਿਸ਼ਨਰ ਨੇ ਕਰਵਾਈ ਝੋਨੇ ਦੀ ਖਰੀਦ ਦੀ ਸ਼ੁਰੂਆਤ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿੱਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਪਿੰਡ ਰਾਜਪੁਰ ਭਾਈਆਂ ਦੇ ਕਿਸਾਨ ਸੁਖਵਿੰਦਰ ਸਿੰਘ ਦੀ ਢੇਰੀ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਤੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲੈ ਕੇ ਆਉਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ 65 ਰੈਗੂਲਰ ਅਤੇ 13 ਆਰਜ਼ੀ ਮੰਡੀਆਂ ਵਿੱਚ ਕਰੀਬ 4,15,000 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਡੀ ਹੁਸ਼ਿਆਰਪੁਰ ਵਿੱਚ ਪਿਛਲੇ ਸਾਲ 12,421 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਸੀ, ਜਦਕਿ ਇਸ ਵਾਰ ਕਰੀਬ 16,458 ਮੀਟ੍ਰਿਕ ਟਨ ਖਰੀਦ ਹੋਣ ਦਾ ਅਨੁਮਾਨ ਹੈ।
ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਐੱਸਡੀਐੱਮ ਪਰਮਪ੍ਰੀਤ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਧੀਰ ਸੂਦ, ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਸੂਦ ਹਨੀ, ਚੇਅਰਮੈਨ ਤਰਸੇਮ ਮੋਦਗਿਲ, ਵਿਸ਼ਾਲ ਬਾਂਸਲ, ਹਰਮੀਤ ਸਿੰਘ, ਨਰਿੰਦਰ ਮੋਹਨ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।