ਸਵੈ-ਗਣਨਾ ਮਾਮਲੇ ’ਚ ਪੰਜਾਬ ਭਰ ’ਚ ਦੂਜੇ ਸਥਾਨ ’ਤੇ ਹੁਸ਼ਿਆਰਪੁਰ : ਆਸ਼ਿਕਾ ਜੈਨ ਸਵੈ-ਗਣਨਾ ਸ਼ੁਰੂ ਕਰਨ ਦੇ ਮਾਮਲੇ ਵਿੱਚ ਪੰਜਾਬ ਭਰ ’ਚ ਦੂਜੇ ਸਥਾਨ ’ਤੇ ਪਹੁੰਚਿਆ ਹੁਸ਼ਿਆਰਪੁਰ: ਆਸ਼ਿਕਾ ਜੈਨ
Publish Date: Tue, 17 Nov 2026 03:37 PM (IST)
Updated Date: Tue, 17 Nov 2026 03:39 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਨੇ ਪੰਜਾਬ ਭਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਸ ਪ੍ਰਾਪਤੀ ਵਿੱਚ ਸਹਿਯੋਗ ਦੇਣ ਵਾਲੇ ਜ਼ਿਲ੍ਹੇ ਦੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਨਾਗਰਿਕ 30 ਨਵੰਬਰ 2026 ਤੱਕ ਜਨਗਣਨਾ ਦੇ ਅਧਿਕਾਰਤ ਪੋਰਟਲ ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਦਾ ਵੇਰਵਾ ਦਰਜ ਕਰਵਾ ਸਕਦੇ ਹਨ। ਇਹ ਪ੍ਰਕਿਰਿਆ ਸਰਲ ਅਤੇ ਸੁਰੱਖਿਅਤ ਹੈ ਅਤੇ ਮੋਬਾਈਲ ਫ਼ੋਨ ਰਾਹੀਂ ਵੀ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋੜ ਪੈਣ ’ਤੇ ਹੈਲਪਲਾਈਨ ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਕਈ ਪਰਿਵਾਰਾਂ ਨੇ ਸਵੈ-ਗਣਨਾ ਦਾ ਫਾਰਮ ਭਰਨਾ ਤਾਂ ਸ਼ੁਰੂ ਕਰ ਦਿੱਤਾ ਹੈ, ਪਰ ਅਜੇ ਤੱਕ ਉਸ ਨੂੰ ਅੰਤਿਮ ਰੂਪ ਵਿੱਚ ਜਮ੍ਹਾਂ ਨਹੀਂ ਕਰਵਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਫਾਰਮ ਭਰਨਾ ਸ਼ੁਰੂ ਕਰਨ ਨਾਲ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਨਹੀਂ ਮੰਨੀ ਜਾਵੇਗੀ, ਸਗੋਂ ਫਾਰਮ ਨੂੰ ਪੂਰੀ ਤਰ੍ਹਾਂ ਭਰ ਕੇ ਸਬਮਿਟ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਸਵੈ-ਗਣਨਾ ਸ਼ੁਰੂ ਨਹੀਂ ਕੀਤੀ, ਉਹ ਵੀ ਇਸ ਸਹੂਲਤ ਦਾ ਲਾਭ ਉਠਾਉਣ। ਨਾਗਰਿਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਜਨਗਣਨਾ ਦੇ ਅੰਕੜੇ ਭਵਿੱਖ ਵਿੱਚ ਜ਼ਿਲ੍ਹੇ ਅੰਦਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦੀ ਬਿਹਤਰ ਯੋਜਨਾਬੰਦੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।