- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ

ਸੁਰਿੰਦਰ ਸਿੰਘ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਟਾਂਡਾ ਦੀ ਖੋਖਰ ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿੱਚ ਝੋਨੇ ਦੀ ਖ਼ਰੀਦ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਕਲਿਆਣਪੁਰ ਦੇ ਕਿਸਾਨ ਨਿਸ਼ਾਨ ਸਿੰਘ ਦੀ ਫਸਲ ਦੀ ਖਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿੱਚ ਖਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਕਟਾਰੂਚੱਕ ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿੱਚ ਝੋਨੇ ਦੀ ਭਰਵੀਂ ਫਸਲ ਪਹੁੰਚ ਰਹੀ ਹੈ ਅਤੇ ਫਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਪਾਰਦਰਸ਼ੀ ਢੰਗ ਨਾਲ ਸਿੱਧੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀਸੀਐੱਲ) ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਝੋਨੇ ਦੀ ਖਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਕਿਸਾਨਾਂ ਨੂੰ ਫਸਲ ਵੇਚਣ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੇ ਮੁੱਦੇ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਾਤਾਵਰਣ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਡੇ ਪੱਧਰ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਰਕਾਰ ਦਾ ਸਹਿਯੋਗ ਕਰਨ। ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ, ਐੱਸਡੀਐੱਮ ਪਰਮਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਮੰਡੀ ਦੇ ਪ੍ਰਧਾਨ ਰਾਕੇਸ਼ ਵੋਹਰਾ, ਪਰਮਿੰਦਰ ਸਿੰਘ ਸੈਣੀ, ਬਲਵੀਰ ਸਿੰਘ ਕੰਗ, ਗੁਰਲੀਤ ਸਿੰਘ ਗੋਲਡੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।