- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟ ਫਤੂਹੀ ਰੈਲੀ ਵਿੱਚ ਸੁਖਬੀਰ ਬਾਦਲ ਦੇ ਸਰਕਾਰ ’ਤੇ ਤਿੱਖੇ ਹਮਲੇ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਚੱਬੇਵਾਲ ਦੇ ਪਿੰਡ ਕੋਟ ਫਤੂਹੀ ਵਿਖੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਨਾਲ-ਨਾਲ ਕਾਂਗਰਸ ਪਾਰਟੀ ’ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਰੈਲੀ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਮੌਜੂਦਗੀ ਰਹੀ। ਸੁਖਬੀਰ ਬਾਦਲ ਨੇ ਇਕੱਠ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਅਤੇ ਖਾਸ ਕਰ ਕੇ ਕੰਢੀ ਖੇਤਰ ਦੇ ਲੋਕਾਂ ਦਾ ਅਕਾਲੀ ਦਲ ਨਾਲ ਜੁੜਨਾ ਪਾਰਟੀ ਲਈ ਹੌਸਲੇ ਵਾਲੀ ਗੱਲ ਹੈ।
ਮੁੱਖ਼ ਮੰਤਰੀ ’ਤੇ ਸਾਧੇ ਨਿਸ਼ਾਨੇ : ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਪੰਜਾਬ ਸਿਰ ਕਰਜ਼ੇ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਅਤੇ ਦਾਅਵਾ ਕੀਤਾ ਕਿ ਸੂਬਾ ਵੱਡੇ ਕਰਜ਼ੇ ਦੇ ਬੋਝ ਹੇਠ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਵਿਚ ਪੰਜਾਬ ਦਾ ਕਰਜ਼ਾ ਸਾਢੇ ਚਾਰ ਲੱਖ਼ ਕਰੋੜ ਤੱਕ ਪਹੁੰਚ ਗਿਆ ਹੈ।
ਵਾਅਦਿਆਂ ਦੀ ਝੜੀ : ਅਕਾਲੀ ਦਲ ਦੀ ਸਰਕਾਰ ਬਣਨ ਦੀ ਸੂਰਤ ਵਿੱਚ ਕੀਤੇ ਜਾਣ ਵਾਲੇ ਐਲਾਨਾਂ ਦਾ ਜ਼ਿਕਰ ਕਰਦਿਆਂ ਬਾਦਲ ਨੇ ਕਿਹਾ ਕਿ ਕੰਢੀ ਖੇਤਰ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ ਅਤੇ ਕੰਢੀ ਖੇਤਰ ਦੇ ਵਿਕਾਸ ਲਈ ਵੱਖਰੇ ਕੰਢੀ ਮੰਤਰੀ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਲੈ ਕੇ ਬਲਾਚੌਰ ਤੱਕ ਕੰਢੀ ਖੇਤਰ ਦੇ ਵਿਕਾਸ ਨੂੰ ਐਕਸਪ੍ਰੈੱਸਵੇਅ ਪ੍ਰਾਜੈਕਟ ਨਾਲ ਜੋੜਨ ਦੀ ਯੋਜਨਾ ਬਣਾਈ ਜਾਵੇਗੀ। ਉਨ੍ਹਾਂ ਅਨੁਸਾਰ ਇਸ ਨਾਲ ਖੇਤਰ ਵਿੱਚ ਸੜਕਾਂ, ਆਵਾਜਾਈ ਅਤੇ ਆਰਥਿਕ ਸਰਗਰਮੀਆਂ ਨੂੰ ਹੁਲਾਰਾ ਮਿਲ ਸਕਦਾ ਹੈ।
ਰੈਲੀ ਦੌਰਾਨ ਸੁਖਬੀਰ ਬਾਦਲ ਨੇ ਸਮਾਜਿਕ ਭਲਾਈ ਸਕੀਮਾਂ ਨੂੰ ਵੀ ਆਪਣੇ ਭਾਸ਼ਣ ਦਾ ਮੁੱਖ ਹਿੱਸਾ ਬਣਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ ਅਤੇ ਗ਼ਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਯੋਜਨਾਵਾਂ ਚਲਾਈਆਂ ਜਾਣਗੀਆਂ। ਪਾਰਟੀ ਵੱਲੋਂ ਹਾਲੀਆ ਰੈਲੀਆਂ ਵਿੱਚ ਸ਼ਗਨ ਸਕੀਮ ਦੀ ਰਕਮ ਵਧਾ ਕੇ ਇੱਕ ਲੱਖ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕਰਨ ਦੇ ਐਲਾਨ ਵੀ ਕੀਤੇ ਹਨ।
ਉਨ੍ਹਾਂ ਪੈਨਸ਼ਨ ਸਕੀਮ ਲਈ ਯੋਗਤਾ ਵਾਲੀ ਉਮਰ ਵਿੱਚ ਵੀ ਕਟੌਤੀ ਕਰਨ ਦੀ ਗੱਲ ਕਹੀ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਬਣਨ ’ਤੇ ਔਰਤਾਂ ਸਮੇਤ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਦਾ ਵਧੇਰੇ ਲਾਭ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨੌਜਵਾਨਾਂ ਲਈ ਰੁਜ਼ਗਾਰ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਵਾਸਤੇ ਵਿਆਜ-ਮੁਕਤ ਕਰਜ਼ਿਆਂ ਸਬੰਧੀ ਵੀ ਅਕਾਲੀ ਦਲ ਵੱਲੋਂ ਐਲਾਨ ਕੀਤੇ ਗਏ ਹਨ। ਪਾਰਟੀ ਨੇ ਪਹਿਲਾਂ ਤਿੰਨ ਲੱਖ ਖਾਲ੍ਹੀ ਸਰਕਾਰੀ ਅਸਾਮੀਆਂ ਭਰਨ ਅਤੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦੇਣ ਦੀ ਗੱਲ ਕਹੀ ਹੈ।
ਕਾਂਗਰਸ ’ਤੇ ਨਿਸ਼ਾਨਾ : ਸੁਖਬੀਰ ਬਾਦਲ ਨੇ ਕਾਂਗਰਸ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿਚ 25 ਸਾਲ ਦੇ ਕਾਂਗਰਸ ਅਤੇ ਅਕਾਲੀ ਦਲ ਦੇ 22 ਸਾਲ ਦੀ ਤੁਲਨਾ ਕਰ ਲਈ ਜਾਵੇ ਤਾਂ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀਆਂ ਖੇਤਰੀ ਲੋੜਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਸਿਆਸਤ ਕਰੇਗਾ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੰਜੀਵ ਤਲਵਾੜ, ਜਸਪਾਲ ਸਿੰਘ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖ਼ੇੜਾ, ਅਮਰੀਕ ਸਿੰਘ ਪੱਲੋਵਾਲ, ਜਸਵੀਰ ਸਿੰਘ ਨਡਾਲੋਂ, ਪਰਮਜੀਤ ਸਿੰਘ ਪੰਜੋੜ, ਸੁਖਦੇਵ ਸਿੰਘ ਬੰਬੇਲੀ ਸਮੇਤ ਵੱਡੀ ਗਿਣਤੀ ਵਿਚ ਅਕਾਲਲੀ ਦਲ ਦੇ ਵਰਕਰ, ਆਗੂ ਅਤੇ ਪੰਚ ਸਰਪੰਚ ਹਾਜ਼ਰ ਸਨ।