ਹੁਸ਼ਿਆਰਪੁਰ ਪਹੁੰਚੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਹੁਸ਼ਿਆਰਪੁਰ ਪਹੁੰਚੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ
Publish Date: Sat, 24 Oct 2026 04:25 PM (IST)
Updated Date: Sat, 24 Oct 2026 04:28 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੇ ਟਰਾਫੀ ਟੂਰ ਦਾ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਅਤੇ ਰੇਲਵੇ ਮੰਡੀ ਦੀਆਂ ਟੀਮਾਂ ਵਿਚਕਾਰ ਫਰੈਂਡਲੀ ਹਾਕੀ ਮੈਚ ਕਰਵਾਇਆ ਗਿਆ। ਸਮਾਗਮ ਵਿੱਚ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਕੌਂਸਲਰ ਰਾਜੇਸ਼ਵਰ ਦਿਆਲ ਬੱਬੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਹਾਜ਼ਰ ਮਹਿਮਾਨਾਂ ਅਤੇ ਖੇਡ ਪ੍ਰੇਮੀਆਂ ਨੇ ਟਰਾਫੀ ਦਾ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਹਾਕੀ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦਾ ਆਯੋਜਨ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾਵੇਗਾ। ਪੰਜਾਬ ਵਿੱਚ ਪਹਿਲੀ ਵਾਰ ਇਸ ਅੰਤਰਰਾਸ਼ਟਰੀ ਹਾਕੀ ਪ੍ਰਤੀਯੋਗਤਾ ਦਾ ਆਯੋਜਨ ਹੋਣ ਜਾ ਰਿਹਾ ਹੈ, ਜੋ ਸੂਬੇ ਦੀ ਅਮੀਰ ਹਾਕੀ ਵਿਰਾਸਤ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਟਰਾਫੀ ਟੂਰ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਹੈ। ਰੇਲਵੇ ਮੰਡੀ ਗਰਾਊਂਡ ਵਿਖੇ ਕਰਵਾਏ ਗਏ ਫਰੈਂਡਲੀ ਮੈਚ ਦੌਰਾਨ ਖਿਡਾਰੀਆਂ ਨੇ ਖੇਡ ਭਾਵਨਾ ਅਤੇ ਪੂਰੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਧਿਕਾਰੀ ਸੁਰਜੀਤ ਸਿੰਘ, ਤਹਿਸੀਲਦਾਰ ਮਨਦੀਪ ਸਿੰਘ, ਵਰਿੰਦਰ ਵੈਦ ਅਤੇ ਹੋਰ ਕੋਚ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।