- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਕੈਂਪ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫਟੀਨੈਂਟ ਕਰਨਲ ਮਨਜੀਤ ਸਿੰਘ (ਸੇਵਾਮੁਕਤ) ਅਤੇ ਉਨ੍ਹਾਂ ਦੇ ਦਫ਼ਤਰ ਦਾ ਬਾਕੀ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਰਿਹਾ। ਸਾਬਕਾ ਸੈਨਿਕਾਂ ਦੀਆਂ ਪ੍ਰਸ਼ਾਸਨਿਕ ਅਤੇ ਕਾਨੂੰਨੀ ਉਲਝਣਾ ਨੂੰ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ, ਹੁਸ਼ਿਆਰਪੁਰ ਮਨਦੀਪ ਸਿੰਘ, ਨਾਇਬ ਤਹਿਸੀਲਦਾਰ ਕੁਲਵਿੰਦਰ ਸਿੱਘ ਅਤੇ ਇੰਸਪੈਕਟਰ ਰਾਜਿੰਦਰ ਸਿੰਘ ਹੁਸ਼ਿਆਰਪੁਰ ਵੀ ਮੌਕੇ ’ਤੇ ਮੌਜੂਦ ਰਹੇ। ਇਸ ਕੈਂਪ ਦੌਰਾਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਸ਼ਿਕਾਇਤਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਗਿਆ। ਮੌਕੇ 'ਤੇ ਹਾਜ਼ਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ, ਸਾਬਕਾ ਸੈਨਿਕਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਪੁਲਿਸ ਵਿਭਾਗ ਨਾਲ ਸਬੰਧਤ ਮਸਲਿਆਂ ਅਤੇ ਜ਼ਮੀਨੀ ਵਿਵਾਦਾਂ ਦਾ ਆਪਸੀ ਸਹਿਮਤੀ ਅਤੇ ਕਾਨੂੰਨੀ ਦਾਇਰੇ ਅੰਦਰ ਰਹਿ ਕੇ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫਟੀਨੈਂਟ ਕਰਨਲ ਮਨਜੀਤ ਸਿੰਘ ਨੇ ਦੱਸਿਆ ਕਿ ਦੇਸ਼ ਦੀ ਸੇਵਾ ਕਰਕੇ ਸੇਵਾਮੁਕਤ ਹੋਏ ਫ਼ੌਜੀਆਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਾ ਸਾਡਾ ਮੁੱਖ ਫ਼ਰਜ਼ ਹੈ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾ ਅੱਜ ਕਈ ਪਰਿਵਾਰਾਂ ਨੂੰ ਤੁਰੰਤ ਰਾਹਤ ਮਿਲੀ ਹੈ।