- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਾਇਆ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਦਿਅਕ ਅਦਾਰਿਆਂ ਵਿਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸਥਾਨਕ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਨੌਵਾਂ ਸੈਮੀਨਾਰ ਕਰਵਾਇਆ ਗਿਆ ਜਿੱਥੇ ਸੰਤਾਂ-ਮਹਾਪੁਰਸ਼ਾਂ, ਸਿਆਸੀ ਸ਼ਖ਼ਸੀਅਤਾਂ ਅਤੇ ਇਤਿਹਾਸ ਦੇ ਮਾਹਰਾਂ ਵੱਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਉਣ ਦਾ ਸੱਦਾ ਦਿੰਦਿਆਂ ਸਮਾਜਿਕ ਬਰਾਬਰਤਾ ਅਤੇ ਬੇਗਮਪੁਰਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਕਰਨ ਦੀ ਤਾਕੀਦ ਕੀਤੀ। ਸੈਮੀਨਾਰ ਦੌਰਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਪ੍ਰਧਾਨ ਅਤੇ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਰਾਏਪੁਰ ਰਸੂਲਪੁਰ ਦੇ ਮੁਖੀ ਸੰਤ ਨਿਰਮਲ ਦਾਸ, ਡੇਰਾ ਬਾਬਾ ਨਾਰਾਇਣ ਦਾਸ ਸ਼ੇਰਪੁਰ ਢੱਕੋਂ, ਡੇਰਾ ਸੰਤ ਪ੍ਰੀਤਮ ਦਾਸ ਦੇ ਜਨਰਲ ਸਕੱਤਰ ਭੈਣ ਸੰਤੋਸ਼ ਕੁਮਾਰੀ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇਸ਼ਾਂਕ ਕੁਮਾਰ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਚੰਦਰ ਮੋਹਨ, ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ, ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਪ੍ਰਭਦੀਪ, ਜਸਨੂਰ ਕੌਰ ਸੈਣੀ ਅਤੇ ਨਵਪ੍ਰੀਤ ਕੌਰ ਨੇ ਗੁਰੂ ਜੀ ਦੇ ਜੀਵਨ, ਫਲਸਫੇ, ਸਿੱਖਿਆਵਾਂ ਅਤੇ ਉਨ੍ਹਾਂ ਦੀ ਅਜੋਕੇ ਯੁੱਗ ਵਿਚ ਮਹੱਤਤਾ ਬਾਰੇ ਵਿਸਥਾਰਤ ਚਾਨਣਾ ਪਾਇਆ। ਸੰਤ ਨਿਰਮਲ ਦਾਸ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਜ਼ਿੰਦਗੀ ਵਿਚ ਤੈਅ ਮੁਕਾਮ ਹਾਸਲ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਸੰਤ ਰਮੇਸ਼ ਦਾਸ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਆਪਣਾ ਸਮੁੱਚਾ ਜੀਵਨ ਸਮਾਜਿਕ ਬਰਾਬਰਤਾ, ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਨਿਆਂ ਲਈ ਲਾ ਦਿੱਤਾ, ਜੋ ਅੱਜ ਵੀ ਸਾਡੇ ਜੀਵਨ ਵਿਚ ਬਹੁਤ ਸਾਰਥਕ ਸੰਦੇਸ਼ ਦਿੰਦਾ ਹੈ। ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 13000 ਪਿੰਡਾਂ ਵਿਚ ਡਾਕੂਮੈਂਟਰੀ ਸ਼ੋਅ ਦਿਖਾਏ ਜਾ ਰਹੇ ਹਨ ਤਾਂ ਜੋ ਜ਼ਮੀਨੀ ਪੱਧਰ ਤੱਕ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ-ਪ੍ਰਸਾਰ ਹੋ ਸਕੇ। ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਮੈਮੋਰੀਅਲ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ’ਤੇ 147 ਕਰੋੜ ਰੁਪਏ ਦੀ ਲਾਗਤ ਆਉਣੀ ਹੈ। ਇਹ ਯਾਦਗਾਰ 12 ਏਕੜ ਰਕਬੇ ਵਿੱਚ ਬਣਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਦੇ ਵੱਧ ਤੋਂ ਵੱਧ ਫੈਲਾਅ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਸਮਾਜ ਵਿਚ ਆਪਸੀ ਸਾਂਝ ਅਤੇ ਏਕਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ, ਜਿਸ ਨਾਲ ਸੂਬੇ ਅਤੇ ਦੇਸ਼ ਦੀ ਤਰੱਕੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚਾ ਜੀਵਨ ਸਮਾਜਿਕ ਨਾ ਬਰਾਬਰਤਾ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਬੇਗਮਪੁਰਾ ਦਾ ਸੰਕਲਪ ਦਿੱਤਾ, ਜਿਸ ਨੂੰ ਅਮਲੀ ਰੂਪ ਦੇਣ ਲਈ ਸਾਰਿਆਂ ਨੂੰ ਸਮਾਜ ਵਿਚ ਇਕਸਾਰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਚੰਦਰ ਮੋਹਨ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੇ ਫਾਰਮਾਸਿਟੀਕਲ ਕਾਲਜ ਦੇ ਪ੍ਰਿੰਸੀਪਲ ਡਾ. ਮਨਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।