ਸੁਖਵਿੰਦਰ ਸੁੱਖੀ, ਹੁਸ਼ਿਆਰਪੁਰ : ਹੁਸ਼ਿਆਰਪੁਰ-ਮਾਹਿਲਪੁਰ ਰੋਡ 'ਤੇ ਪੈਂਦੇ ਪਿੰਡ ਬਾਹੋਵਾਲ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਮੋਟਰਸਾਈਕਲ ਸਵਾਰ ਦੋ ਅੌਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ, ਜੋ ਹੁਸ਼ਿਆਰਪੁਰ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਨੀ ਪੁੱਤਰ ਨੱਥੂ ਵਾਸੀ ਅੱਜੋਵਾਲ ਨੇ ਦੱਸਿਆ ਕਿ ਮਜ਼ਦੂਰੀ ਕਰਦੇ ਹਨ ਤੇ ਬੁੱਧਵਾਰ ਸਵੇਰੇ ਉਹ ਮੋਟਰਸਾਈਕਲ 'ਤੇ ਆਸ਼ਾ ਪਤਨੀ ਜੀਤਾ ਤੇ ਕਾਜਲ ਪਤਨੀ ਗੁਲਾਬ ਖਤਰੀ ਨੂੰ ਨਾਲ ਲੈ ਕੇ ਮਾਹਿਲਪੁਰ ਵੱਲ ਮਜ਼ਦੂਰੀ ਕਰਨ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਬਾਹੋਵਾਲ ਨੇੜੇ ਪਹੁੰਚੇ ਤਾਂ ਮਗਰੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਪਏ। ਸੜਕ 'ਤੇ ਡਿੱਗਣ ਕਾਰਨ ਮੋਟਰਸਾਈਕਲ ਦੇ ਮਗਰ ਬੈਠੀਆਂ ਉਕਤ ਦੋਵੇ ਅੌਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਮੌਕੇ 'ਤੇ ਮੌਜੂਦ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਮਾਹਿਲਪੁਰ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਹੁਸ਼ਿਆਰਪੁਰ ਵਿਖੇ ਰੈਫਰ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੰਨੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਚੱਬੇਵਾਲ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ।