ਵਿਕਟੋਰੀਆ ਸਕੂਲ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਵਾਇਆ
ਵਿਕਟੋਰੀਆ ਸਕੂਲ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Sat, 28 Nov 2026 03:50 PM (IST)
Updated Date: Sat, 28 Nov 2026 03:52 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ, ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਦੀ ਅਗਵਾਈ ਹੇਠ ਓਮਨੀ ਫਾਊਂਡੇਸ਼ਨ ਅਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਓਮਨੀ ਫਾਊਂਡੇਸ਼ਨ ਵੱਲੋਂ ਸੰਨੀ ਅਤੇ ਟ੍ਰੈਫਿਕ ਪੁਲਿਸ ਵੱਲੋਂ ਗੁਰਨਾਮ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ, ਨਿਰਧਾਰਤ ਗਤੀ ਸੀਮਾ ਵਿੱਚ ਵਾਹਨ ਚਲਾਉਣ ਅਤੇ ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਇਸ ਨਾਲ ਆਪਣੀ ਅਤੇ ਦੂਜਿਆਂ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖੁਦ ਨਿਯਮਾਂ ਦੀ ਪਾਲਣਾ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਅਰਚਨਾ ਸੂਦਨ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।