ਬੀਤ ਇਲਾਕੇ ’ਚ ਜੈ ਕ੍ਰਿਸ਼ਨ ਰੌੜੀ ਨੇ ਕੱਢਿਆ ਰੋਡ ਮਾਰਚ
ਬੀਤ ਇਲਾਕੇ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਕੱਢਿਆ ਰੋਡ ਮਾਰਚ
Publish Date: Thu, 05 Nov 2026 04:12 PM (IST)
Updated Date: Thu, 05 Nov 2026 04:14 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਗੜ੍ਹਸ਼ੰਕਰ ਤੋਂ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਲੋਕਾਂ ਦਾ ਧੰਨਵਾਦ ਕਰਨ ਲਈ ਲੋਕ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਉਹ ਬੀਤ ਇਲਾਕੇ ਦੇ ਅੱਡਾ ਝੁੰਗੀਆਂ ਸਥਿਤ ਮਾਤਾ ਸ਼ੀਤਲਾ ਦੇਵੀ ਮੰਦਰ ਵਿਖੇ ਨਤਮਸਤਕ ਹੋਏ ਅਤੇ ਹਲਕੇ ਦੀ ਤਰੱਕੀ, ਖੁਸ਼ਹਾਲੀ, ਭਾਈਚਾਰਕ ਸਾਂਝ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੁੜ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਇਸ ਉਪਰੰਤ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਨਾਲ ਅੱਡਾ ਝੁੰਗੀਆਂ ਵਿਖੇ ਰੋਡ ਮਾਰਚ ਕੀਤਾ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਪਿਆਰ ਤੇ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਚੇਅਰਮੈਨ ਬਲਦੀਪ ਸਿੰਘ ਸੈਣੀ, ਯੂਥ ਪ੍ਰਧਾਨ ਪ੍ਰਿੰਸ ਚੌਧਰੀ ਸਮੇਤ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।