650ਵੇਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
650ਵੇਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਡਿਪਟੀ ਸਪੀਕਰ ਰੌੜੀ ਨੇ ਲਿਆ ਜਾਇਜ਼ਾ
Publish Date: Thu, 05 Nov 2026 04:22 PM (IST)
Updated Date: Thu, 05 Nov 2026 04:23 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ 650ਵਾਂ ਗੁਰਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦਿਆਂ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਆਵਾਜਾਈ, ਵਾਹਨਾਂ ਦੀ ਪਾਰਕਿੰਗ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਰੌਸ਼ਨੀ, ਸਿਹਤ ਸਹੂਲਤਾਂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ, ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸਮਾਗਮਾਂ ਨੂੰ ਸ਼ਾਂਤੀਪੂਰਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ।