- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਜੀਵ ਤਲਵਾੜ ਦੀ ਅਗਵਾਈ ਹੇਠ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ : ਹਰਜਿੰਦਰ ਸਿੰਘ ਧਾਮੀ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਦੀ ਜਥੇਬੰਦਕ ਤਾਕਤ ਵਿੱਚ ਹੋਰ ਵਾਧਾ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸੰਜੀਵ ਤਲਵਾੜ ਨੂੰ ਸਨਮਾਨਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਜੀਵ ਤਲਵਾੜ ਇੱਕ ਜੁਝਾਰੂ, ਮਿਹਨਤੀ ਅਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਨੇ ਪਾਰਟੀ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਹੈ। ਉਨ੍ਹਾਂ ਕਿਹਾ ਕਿ ਤਲਵਾੜ ਦੇ ਤਜ਼ਰਬੇ ਅਤੇ ਅਗਾਂਹਵਧੂ ਸੋਚ ਦਾ ਲਾਭ ਪਾਰਟੀ ਨੂੰ ਮਿਲੇਗਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ।
ਇਸ ਮੌਕੇ ਸੰਜੀਵ ਤਲਵਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਲੋਕਾਂ ਨਾਲ ਵੱਧ ਤੋਂ ਵੱਧ ਰਾਬਤਾ ਕਾਇਮ ਕਰਨ। ਇਸ ਮੌਕੇ ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ, ਅਨੁਸੂਚਿਤ ਜਾਤੀ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ, ਵੇਦ ਪ੍ਰਕਾਸ਼ ਆਦੀਆ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।