ਸ਼ੂਟਿੰਗ ਮੁਕਾਬਲਿਆਂ ’ਚ ਵਿਕਟੋਰੀਆ ਸਕੂਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਸ਼ੂਟਿੰਗ ਮੁਕਾਬਲਿਆਂ ’ਚ ਵਿਕਟੋਰੀਆ ਸਕੂਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 08 Oct 2026 04:13 PM (IST)
Updated Date: Thu, 08 Oct 2026 04:14 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਈਆਂ ਗਈਆਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼ੂਟਿੰਗ ਮੁਕਾਬਲਿਆਂ ਵਿੱਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਅਤੇ ਪ੍ਰਮੁੱਖ ਸਥਾਨ ਹਾਸਲ ਕੀਤੇ। ਵਿਸ਼ੇਸ਼ ਗੱਲ ਇਹ ਰਹੀ ਕਿ ਦੋਵੇਂ ਜ਼ਿਲ੍ਹਿਆਂ ਦੇ ਮੁਕਾਬਲਿਆਂ ਵਿੱਚ ਤਮਗਾ ਜਿੱਤਣ ਵਾਲੇ ਸਕੂਲ ਦੇ ਸਾਰੇ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਰਚਨਾ ਸੂਦਨ ਨੇ ਦੱਸਿਆ ਕਿ ਏਅਰ ਪਿਸਟਲ ਵਰਗ ਵਿੱਚ ਗੁਰਲੀਨ ਅਤੇ ਜਸਮੀਨ ਨੇ ਪਹਿਲਾ ਸਥਾਨ, ਜਦਕਿ ਜਸ਼ਨਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ। ਰਾਈਫਲ ਵਰਗ ਵਿੱਚ ਰੁਦ੍ਰਾਂਸ਼ ਅਤੇ ਨਾਜ਼ ਨੇ ਪਹਿਲਾ, ਕਿਵਪ੍ਰੀਤ ਕੌਰ ਨੇ ਦੂਜਾ ਅਤੇ ਗੁਰਨੂਰ ਕੌਰ ਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਨਿਰਦੇਸ਼ਕ ਪ੍ਰੋ. ਜੀਐੱਸ ਮੁਲਤਾਨੀ, ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਨ ਨੇ ਕਿਹਾ ਕਿ ਸਿੱਖਿਆ ਦੇ ਨਾਲ ਖੇਡਾਂ ਵਿੱਚ ਵੀ ਵਿਦਿਆਰਥੀਆਂ ਨੂੰ ਮਾਹਿਰ ਸਿਖਲਾਈ ਅਤੇ ਉਚਿਤ ਮੰਚ ਪ੍ਰਦਾਨ ਕਰਨਾ ਸਕੂਲ ਦੀ ਪ੍ਰਮੁੱਖ ਤਰਜੀਹ ਹੈ।