ਵਿਦੇਸ਼ੀ ਦਖ਼ਲਅੰਦਾਜ਼ੀ ਦੀ ਮੰਗ ਕਰਨਾ ਕੌਮੀ ਹਿੱਤਾਂ ਦੇ ਵਿਰੁੱਧ : ਸੇਠੂ ਵਿਦੇਸ਼ੀ ਦਖ਼ਲਅੰਦਾਜ਼ੀ ਦੀ ਮੰਗ ਕਰਨਾ ਕੌਮੀ ਹਿੱਤਾਂ ਦੇ ਵਿਰੁੱਧ: ਅਜੈ ਕੌਸ਼ਲ ਸੇਠੂ
Publish Date: Tue, 17 Nov 2026 03:50 PM (IST)
Updated Date: Tue, 17 Nov 2026 03:51 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜਲੰਧਰ ਭਾਜਪਾ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਵਿਦੇਸ਼ੀ ਮੰਚਾਂ ਦੀ ਵਰਤੋਂ ਕਰਕੇ ਭਾਰਤ ਦੀ ਲੋਕਤੰਤਰੀ ਵਿਵਸਥਾ ਅਤੇ ਦੇਸ਼ ਦੀ ਵਿਕਾਸ ਯਾਤਰਾ ’ਤੇ ਸਵਾਲ ਉਠਾ ਕੇ ਕੌਮਾਂਤਰੀ ਪੱਧਰ ’ਤੇ ਦੇਸ਼ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਦੇਸ਼ ਦੇ ਅੰਦਰੂਨੀ ਸਿਆਸੀ ਮਾਮਲਿਆਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੀ ਉਮੀਦ ਕਰਨਾ ਕਿਸੇ ਵੀ ਤਰ੍ਹਾਂ ਯੋਗ ਨਹੀਂ ਹੈ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਜਿੱਥੇ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਸਰਕਾਰਾਂ ਦੀ ਚੋਣ ਕਰਦੇ ਹਨ ਅਤੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਪੂਰੀ ਤਰ੍ਹਾਂ ਸਮਰੱਥ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਲੋਕ ਫਤਵਾ ਵਿਦੇਸ਼ੀ ਮੰਚਾਂ ਤੋਂ ਨਹੀਂ, ਸਗੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦਾ ਭਰੋਸਾ ਜਿੱਤਣ ਨਾਲ ਮਿਲਦਾ ਹੈ। ਵਿਰੋਧੀ ਧਿਰ ਨੂੰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਦਾ ਪੂਰਾ ਅਧਿਕਾਰ ਹੈ, ਪਰ ਕੌਮੀ ਹਿੱਤਾਂ ਅਤੇ ਦੇਸ਼ ਦੀ ਸਾਖ ਨੂੰ ਸਿਆਸਤ ਤੋਂ ਉੱਪਰ ਰੱਖਣਾ ਚਾਹੀਦਾ ਹੈ। ਭਾਰਤ ਵਿਕਾਸ, ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅਜਿਹੇ ਸਮੇਂ ਵਿੱਚ ਦੇਸ਼ ਦੀਆਂ ਪ੍ਰਾਪਤੀਆਂ ’ਤੇ ਸਵਾਲ ਚੁੱਕਣ ਦੀ ਬਜਾਏ ਉਸਾਰੂ ਸਿਆਸਤ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।