ਆਦਿ ਧਰਮ ਲਹਿਰ ਦੀ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ ਪੰਜਾਬੀ ਮਾਹ ਨੂੰ ਸਮਰਪਿਤ ਬੱਬਰ ਅਕਾਲੀ ਲਹਿਰ ਅਤੇ ਆਦਿ ਧਰਮ ਲਹਿਰ ਦੀ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ
Publish Date: Sat, 21 Nov 2026 04:36 PM (IST)
Updated Date: Sat, 21 Nov 2026 04:40 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ: ਪੰਜਾਬ ਸਰਕਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਬੱਬਰ ਅਕਾਲੀ ਲਹਿਰ ਅਤੇ ਆਦਿ ਧਰਮ ਲਹਿਰ ਦੀ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਓ.ਐੱਸ.ਡੀ. ਚਰਨਜੀਤ ਸਿੰਘ ਚੰਨੀ ਨੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਡਾ. ਹਰਪ੍ਰੀਤ ਸਿੰਘ ਨੇ ਆਦਿ ਧਰਮ ਲਹਿਰ ਬਾਰੇ ਖੋਜ ਪੱਤਰ ਪੇਸ਼ ਕਰਦਿਆਂ ਬਾਬੂ ਮੰਗੂ ਰਾਮ ਮੁੱਗੋਵਾਲੀਆ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਲਹਿਰ ਨੇ ਹਾਸ਼ੀਆਗਤ ਲੋਕਾਂ ਵਿੱਚ ਆਪਣੀ ਹੋਂਦ ਪ੍ਰਤੀ ਚੇਤਨਾ ਪੈਦਾ ਕੀਤੀ। ਇਸੇ ਤਰ੍ਹਾਂ ਸੀਤਾ ਰਾਮ ਬਾਂਸਲ ਨੇ ਬੱਬਰ ਅਕਾਲੀ ਲਹਿਰ ਦੇ ਇਤਿਹਾਸ ਅਤੇ ਦੇਸ਼ ਦੀ ਆਜ਼ਾਦੀ ਲਈ ਬੱਬਰਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਚਰਨਜੀਤ ਸਿੰਘ ਚੰਨੀ ਨੇ ਭਾਸ਼ਾ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਇਤਿਹਾਸਕ ਲਹਿਰਾਂ ਅਤੇ ਮਹਾਨ ਸ਼ਖ਼ਸੀਅਤਾਂ ਦੇ ਯੋਗਦਾਨ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਵੱਖ-ਵੱਖ ਸਾਹਿਤਕਾਰਾਂ ਅਤੇ ਸ਼ਖ਼ਸੀਅਤਾਂ ਨੂੰ ਕਿਤਾਬਾਂ ਤੇ ਲੋਈਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਾਹਿਤਕ ਰੁਚੀਆਂ ਰੱਖਣ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਭਾਸ਼ਾ ਵਿਭਾਗ ਦੇ ਅਧਿਕਾਰੀ, ਸਾਹਿਤਕਾਰ ਅਤੇ ਵਿਦਿਆਰਥੀ ਹਾਜ਼ਰ ਸਨ।