ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਨਸ਼ਾ ਮੁਕਤੀ ਕੇਂਦਰ ‘ਚ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ
Publish Date: Fri, 30 Oct 2026 03:37 PM (IST)
Updated Date: Fri, 30 Oct 2026 03:37 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਨਿਕਲ ਰਹੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਦਿਸ਼ਾ ਵਿੱਚ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸੇ ਉਦੇਸ਼ ਨਾਲ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਅਧੀਨ ਅਤੇ ਨਸ਼ਾ ਮੁਕਤੀ ਦੀ ਪ੍ਰਕਿਰਿਆ ਵਿੱਚੋਂ ਗੁਜ਼ਰ ਰਹੇ ਨੌਜਵਾਨਾਂ ਲਈ ਵਿਸ਼ੇਸ਼ ਰੋਜ਼ਗਾਰ ਅਤੇ ਹੁਨਰ ਵਿਕਾਸ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਅਗਵਾਈ ਓਇਸ਼ੀ ਮੰਡਲ ਅਤੇ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਟੀਚਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਸਨਮਾਨਜਨਕ ਅਤੇ ਆਤਮ-ਨਿਰਭਰ ਜੀਵਨ ਜਿਊਣ ਦੇ ਯੋਗ ਬਣਾਉਣਾ ਵੀ ਹੈ। ਨਸ਼ਾ ਮੁਕਤੀ ਤੋਂ ਬਾਅਦ ਨੌਜਵਾਨਾਂ ਨੂੰ ਸਹੀ ਮਾਰਗਦਰਸ਼ਨ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਉਨ੍ਹਾਂ ਦੇ ਮੁੜ ਵਸੇਬੇ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਨਸ਼ਾ ਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਮੁੜ ਜੀਵਨ ਦੀ ਮੁੱਖ ਧਾਰਾ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ। ਸਹਾਇਕ ਕਮਿਸ਼ਨਰ ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ 60 ਦਿਨਾਂ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ, ਇਲਾਜ, ਮੁੜ ਵਸੇਬੇ ਅਤੇ ਰੋਜ਼ਗਾਰ ਨਾਲ ਜੋੜਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਨੌਜਵਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਰੋਜ਼ਗਾਰ ਯੋਜਨਾਵਾਂ ਅਤੇ ਉਪਲਬੱਧ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ।