ਨਸ਼ਿਆਂ ਦੇ ਖਾਤਮੇ ਲਈ ਸੁਹਿਰਦ ਯਤਨ ਜਾਰੀ ਰਹਿਣਗੇ : ਡਿਪਟੀ ਕਮਿਸ਼ਨਰ ਨਸ਼ਿਆਂ ਦੇ ਖਾਤਮੇ ਲਈ ਸੁਹਿਰਦ ਯਤਨ ਜਾਰੀ ਰਹਿਣਗੇ: ਡਿਪਟੀ ਕਮਿਸ਼ਨਰ
Publish Date: Thu, 22 Oct 2026 04:13 PM (IST)
Updated Date: Thu, 22 Oct 2026 04:15 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿੱਚ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ, ਖੇਡਾਂ ਅਤੇ ਰੁਜ਼ਗਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 29 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਕੰਪਨੀਆਂ ਹਿੱਸਾ ਲੈਣਗੀਆਂ। ਸਹਾਇਕ ਕਮਿਸ਼ਨਰ ਅਮਨਦੀਪ ਕੌਰ ਨੇ ਪਿੰਡ ਭੁੰਗਰਨੀ ਦੇ ਵਸਨੀਕਾਂ ਨਾਲ ਮੀਟਿੰਗ ਕਰਕੇ ਨਸ਼ਾ ਰੋਕਥਾਮ ਅਤੇ ਨੌਜਵਾਨਾਂ ਦੇ ਪੁਨਰਵਾਸ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨਸ਼ੇ ਦੀ ਲਤ ਤੋਂ ਪੀੜਤ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਉਣ ਅਤੇ ਰੁਜ਼ਗਾਰ ਦੇ ਮੌਕੇ ਦੇਣ ’ਤੇ ਜ਼ੋਰ ਦਿੱਤਾ। ਸਿਹਤ ਵਿਭਾਗ ਵੱਲੋਂ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਅਤੇ ਇਲਾਜ ਲਈ ਹਫ਼ਤਾਵਾਰੀ ਸਕ੍ਰੀਨਿੰਗ ਕੈਂਪ ਲਗਾਏ ਜਾਣਗੇ। ਬੁੱਧਵਾਰ ਨੂੰ ਦੋ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਵੱਲੋਂ ਪਿੰਡ ਦੇ ਦਾਖ਼ਲੇ ਅਤੇ ਨਿਕਾਸ ਸਥਾਨਾਂ ’ਤੇ ਨਾਕਾਬੰਦੀ ਤੇ ਨਿਗਰਾਨੀ ਵਧਾਈ ਜਾਵੇਗੀ। ਇਸ ਮੁਹਿੰਮ ਤਹਿਤ ਭੁੰਗਰਨੀ ਪਿੰਡ ਵਿੱਚ 60 ਦਿਨਾਂ ਦੀ ਯੋਜਨਾ ਰਾਹੀਂ ਰੁਜ਼ਗਾਰ, ਖੇਡਾਂ, ਸਿਹਤ ਸੇਵਾਵਾਂ, ਪੁਨਰਵਾਸ ਅਤੇ ਸਖ਼ਤ ਪੁਲਿਸ ਕਾਰਵਾਈ ਨਾਲ ਨਸ਼ਿਆਂ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾਣਗੇ।