ਐੱਸਆਈਆਰ.-2026 ਤਹਿਤ ਵਿਸ਼ੇਸ਼ ਕੈਂਪਾਂ ਦਾ ਜ਼ਿਲ੍ਹਾ ਚੋਣ ਅਧਿਕਾਰੀ ਨੇ ਲਿਆ ਜਾਇਜ਼ਾ ਐਸ.ਆਈ.ਆਰ.-2026 ਤਹਿਤ ਵਿਸ਼ੇਸ਼ ਕੈਂਪਾਂ ਦਾ ਜ਼ਿਲ੍ਹਾ ਚੋਣ ਅਧਿਕਾਰੀ ਨੇ ਲਿਆ ਜਾਇਜ਼ਾ
Publish Date: Sun, 06 Sep 2026 07:14 PM (IST)
Updated Date: Sun, 06 Sep 2026 07:16 PM (IST)
- ਪੋਲਿੰਗ ਬੂਥਾਂ ’ਤੇ ਪਹੁੰਚ ਕੇ ਵੋਟਰ ਰਜਿਸਟ੍ਰੇਸ਼ਨ ਤੇ ਚੋਣ ਸਬੰਧੀ ਸੇਵਾਵਾਂ ਦੇ ਪ੍ਰਬੰਧਾਂ ਦਾ ਕੀਤਾ ਨਿਰੀਖਣ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਐੱਸਆਈਆਰ-2026 ਤਹਿਤ ਐਤਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਖੁਦ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਕੇ ਕੈਂਪਾਂ ਦੇ ਪ੍ਰਬੰਧਾਂ ਅਤੇ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਰੀਬ ਇੱਕ ਦਰਜਨ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣਾ ਅਤੇ ਵੋਟਰਾਂ ਨੂੰ ਚੋਣਾਂ ਸਬੰਧੀ ਵੱਖ-ਵੱਖ ਸੇਵਾਵਾਂ ਇੱਕੋ ਥਾਂ ਤੇ ਉਪਲਬਧ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਹ ਜ਼ਰੂਰੀ ਹੈ ਕਿ ਹਰੇਕ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਏ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਧਿਕਾਰੀ (ਬੀਐੱਲਓ) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹੇ। ਯੋਗ ਨਾਗਰਿਕਾਂ ਤੋਂ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਫਾਰਮ ਨੰਬਰ 6, ਫਾਰਮ ਨੰਬਰ 6-ਏ ਅਤੇ ਫਾਰਮ ਨੰਬਰ 8 ਭਰਵਾਏ ਗਏ। ਇਸ ਦੇ ਨਾਲ ਹੀ ਸਬੰਧਿਤ ਘੋਸ਼ਣਾ ਪੱਤਰ ਅਤੇ ਲੋੜੀਂਦੇ ਸਹਾਇਕ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ, ਤਾਂ ਜੋ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ, ਲੋੜੀਂਦੀਆਂ ਸੋਧਾਂ ਕਰਨ ਜਾਂ ਹੋਰ ਚੋਣ ਸਬੰਧੀ ਸੇਵਾਵਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾ ਸਕਣ। ਆਸ਼ਿਕਾ ਜੈਨ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ 18 ਤੋਂ 19 ਸਾਲ ਉਮਰ ਵਰਗ ਦੇ ਨੌਜਵਾਨਾਂ ਨੇ ਵੀ ਵੋਟਰ ਰਜਿਸਟ੍ਰੇਸ਼ਨ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਯੋਗ ਨਾਗਰਿਕ ਅਜੇ ਤੱਕ ਵੋਟਰ ਸੂਚੀ ਵਿੱਚ ਰਜਿਸਟਰਡ ਨਹੀਂ ਹਨ, ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਨਾਮ ਜ਼ਰੂਰ ਦਰਜ ਕਰਵਾਉਣ। ਇਸ ਮੌਕੇ ਐੱਸਡੀਐੱਮ ਪਰਮਪ੍ਰੀਤ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।