ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ: ਪੰਜਾਬ ਦੇ ਸਰਕਾਰੀ ਸਕੂਲਾਂ ’ਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਲਈ ਵਿਸ਼ੇਸ਼ ਨਿਰਦੇਸ਼ ਜਾਰੀ
ਪੰਜਾਬ ਸਰਕਾਰ ਵੱਲੋਂ ਸੂਬੇ ’ਚ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਇੱਕ ਨਵੀਂ ਲੋਕ-ਭਲਾਈ ਯੋਜਨਾ, "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" (ਐੱਮ.ਐੱਮ.ਐੱਮ.ਡੀ.ਐੱਸ.ਵਾਈ.) ਲਾਗੂ ਕੀਤੀ ਜਾ ਰਹੀ ਹੈ। ਅਧਿਕਾਰਤ ਸੂਤਰਾਂ ਅਨੁਸਾਰ ਇਸ ਯੋਜਨਾ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੌਖਾ ਬਣਾਉਣ ਲਈ, ਸਕੂਲ ਸਿੱਖਿਆ ਵਿਭਾਗ (ਐਲੀਮੈਂਟਰੀ) ਦੇ ਡਾਇਰੈਕਟਰ ਨੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇੱਕ ਮਹੱਤਵਪੂਰਨ ਪੱਤਰ ਜਾਰੀ ਕੀਤਾ ਹੈ।
Publish Date: Sat, 13 Jun 2026 05:48 PM (IST)
Updated Date: Sat, 13 Jun 2026 05:50 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਪੰਜਾਬ ਸਰਕਾਰ ਵੱਲੋਂ ਸੂਬੇ ’ਚ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਇੱਕ ਨਵੀਂ ਲੋਕ-ਭਲਾਈ ਯੋਜਨਾ, "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" (ਐੱਮ.ਐੱਮ.ਐੱਮ.ਡੀ.ਐੱਸ.ਵਾਈ.) ਲਾਗੂ ਕੀਤੀ ਜਾ ਰਹੀ ਹੈ। ਅਧਿਕਾਰਤ ਸੂਤਰਾਂ ਅਨੁਸਾਰ ਇਸ ਯੋਜਨਾ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੌਖਾ ਬਣਾਉਣ ਲਈ, ਸਕੂਲ ਸਿੱਖਿਆ ਵਿਭਾਗ (ਐਲੀਮੈਂਟਰੀ) ਦੇ ਡਾਇਰੈਕਟਰ ਨੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇੱਕ ਮਹੱਤਵਪੂਰਨ ਪੱਤਰ ਜਾਰੀ ਕੀਤਾ ਹੈ।
ਲਾਭਪਾਤਰੀਆਂ ਨੂੰ ਮਿਲੇਗਾ ਸੁਰੱਖਿਅਤ ਅਤੇ ਸਤਿਕਾਰਯੋਗ ਵਾਤਾਵਰਣ
ਅਧਿਕਾਰਤ ਆਦੇਸ਼ਾਂ ਅਨੁਸਾਰ, ਸੂਬੇ ਦੇ ਸਰਕਾਰੀ ਸਕੂਲਾਂ ਦੇ ਪਰਿਸਰ ਵਿੱਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਵਿੱਚ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀ ਹਨ। ਇਨ੍ਹਾਂ ਕੇਂਦਰਾਂ ’ਚ ਆਉਣ ਵਾਲੀਆਂ ਔਰਤਾਂ ਅਤੇ ਬੱਚਿਆਂ ਲਈ ਇੱਕ ਸੁਰੱਖਿਅਤ, ਸਤਿਕਾਰਯੋਗ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾਉਣ ਲਈ, ਸਾਰੇ ਸਬੰਧਤ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਇੰਚਾਰਜਾਂ ਨੂੰ ਆਂਗਣਵਾੜੀ ਸਟਾਫ਼ ਨੂੰ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਕੂਲ ਮੁਖੀਆਂ ਨੂੰ ਦਿੱਤੀਆਂ ਗਈਆਂ ਮੁੱਖ ਹਦਾਇਤਾਂ
ਸਕੂਲ ਪ੍ਰਬੰਧਕਾਂ ਨੂੰ ਹੇਠ ਲਿਖੇ ਨੁਕਤਿਆਂ ’ਤੇ ਵਿਸ਼ੇਸ਼ ਤੌਰ ’ਤੇ ਕੰਮ ਕਰਨ ਲਈ ਕਿਹਾ ਗਿਆ ਹੈ:
ਸਫਾਈ ਅਤੇ ਸੁੰਦਰੀਕਰਨ: ਸਕੂਲ ਦੇ ਪਰਿਸਰ ’ਚ ਸਥਿਤ ਆਂਗਣਵਾੜੀ ਕੇਂਦਰਾਂ ਦੀ ਸਫੈਦੀ, ਸਾਫ਼-ਸਫ਼ਾਈ ਅਤੇ ਸੁੰਦਰੀਕਰਨ ਦੇ ਕੰਮ ਵਿੱਚ ਸਕੂਲ ਸਟਾਫ਼ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇ।
ਬੁਨਿਆਦੀ ਸਹੂਲਤਾਂ: ਰਜਿਸਟ੍ਰੇਸ਼ਨ ਲਈ ਆਉਣ ਵਾਲੇ ਲਾਭਪਾਤਰੀਆਂ ਲਈ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਈ ਜਾਵੇ।
ਬੈਠਣ ਦੇ ਪ੍ਰਬੰਧ: ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।
ਲਾਪਰਵਾਹੀ ਵਰਤਣ ’ਤੇ ਹੋਵੇਗੀ ਸਖ਼ਤ ਕਾਰਵਾਈ, ਹੁਕਮ ਤੁਰੰਤ ਲਾਗੂ
ਸਿੱਖਿਆ ਵਿਭਾਗ ਨੇ ਇਸ ਮਾਮਲੇ ਨੂੰ ਬਹੁਤ ਮਹੱਤਵਪੂਰਨ ਅਤੇ 'ਅਤਿ ਜ਼ਰੂਰੀ' ਸ਼੍ਰੇਣੀ ਵਿੱਚ ਰੱਖਿਆ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਨ੍ਹਾਂ ਹਦਾਇਤਾਂ ਨੂੰ ਤੁਰੰਤ ਆਪਣੇ ਅਧਿਕਾਰ ਖੇਤਰ ਦੇ ਸਾਰੇ ਸਕੂਲਾਂ ਵਿੱਚ ਪਹੁੰਚਾਉਣ ਅਤੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।
ਇਸ ਮਹੱਤਵਾਕਾਂਖੀ ਯੋਜਨਾ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਕੂਲ ਅਧਿਕਾਰੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਲਾਭ ਬਿਨਾਂ ਕਿਸੇ ਰੁਕਾਵਟ ਦੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚ ਸਕੇ।