ਰਾਜ ਪੱਧਰੀ ਦੋ ਰੋਜ਼ਾ ਵਿਸ਼ੇਸ਼ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼, ਰਾਜ ਪੱਧਰੀ ਦੋ ਰੋਜ਼ਾ ਵਿਸ਼ੇਸ਼ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼,
Publish Date: Thu, 19 Nov 2026 05:59 PM (IST)
Updated Date: Thu, 19 Nov 2026 06:00 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ,ਹੁਸ਼ਿਆਰਪੁਰ : ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀਆਂ ਸਮਰੱਥਾਵਾਂ ਦਾ ਪ੍ਰਦਰਸ਼ਨ ਕਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੈ। ਇਨ੍ਹਾਂ ਬੱਚਿਆਂ ਨੂੰ ਖੇਡ ਗਤੀਵਿਧੀਆਂ ਨਾਲ ਜੋੜ ਕੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣ ਦਿਵਾਉਣਾ ਬੇਹੱਦ ਮਹੱਤਵਪੂਰਨ ਹੈ। ਉਹ ਵੀਰਵਾਰ ਨੂੰ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਦੋ ਰੋਜ਼ਾ ਵਿਸ਼ੇਸ਼ ਖੇਡ ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਢੁੱਕਵੇਂ ਮੌਕੇ, ਉਤਸ਼ਾਹ ਅਤੇ ਅੱਗੇ ਵਧਣ ਲਈ ਹਾਂ-ਪੱਖੀ ਮਾਹੌਲ ਮੁਹੱਈਆ ਕਰਵਾਉਣ ਦੀ ਹੈ। ਖੇਡ ਗਤੀਵਿਧੀਆਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਵੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਸਮਾਗਮ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਦੋ ਰੋਜ਼ਾ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ 604 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਦੇ ਮਾਰਚ ਪਾਸਟ ਨਾਲ ਹੋਈ। ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ, ਪ੍ਰਿੰਸੀਪਲ ਤ੍ਰਿਲੋਚਨ ਸਿੰਘ, ਸ਼ੈਲੇਂਦਰ ਠਾਕੁਰ, ਬੀ.ਪੀ.ਈ.ਓ. ਚਰਨਜੀਤ ਸਿੰਘ, ਜਗਤਜੀਤ ਸਿੰਘ, ਵਰਿੰਦਰ ਵੈਦ, ਮਨਪ੍ਰੀਤ ਸਿੰਘ, ਪੁਨੀਤ ਪਸਰੀਚਾ, ਧਰਮਿੰਦਰ, ਮੰਜੂ ਸੈਣੀ, ਡਾ. ਧੀਰਜ, ਰੇਣੂ ਕੰਵਰ, ਚੰਦਰ ਪ੍ਰਕਾਸ਼ ਸੈਣੀ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ, ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।