ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ 'ਚ ਅੱਜ ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ 'ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ
Publish Date: Sat, 28 Nov 2026 08:06 PM (IST)
Updated Date: Sat, 28 Nov 2026 08:07 PM (IST)
ਸਟਾਫ਼ ਰਿਪੋਰਟਰ,ਪੰਜਾਬੀ ਜਾਗਰਣ, ਹੁਸ਼ਿਆਰਪੁਰ : ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ ’ਤੇ ਅੱਜ ਦੇ ਲਾਜਵੰਤੀ ਸਟੇਡੀਅਮ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਰੋਹ ਦੌਰਾਨ ਜਿੱਥੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਜਵੰਤੀ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਇੱਕ ਖੇਡ ਸਮਾਗਮ ਨਹੀਂ, ਸਗੋਂ ਪੰਜਾਬ ਦੀ ਖੇਡ ਭਾਵਨਾ, ਪ੍ਰਤਿਭਾ ਅਤੇ ਖੇਡ ਸੱਭਿਆਚਾਰ ਨੂੰ ਸਮਰਪਿਤ ਇੱਕ ਮਹੱਤਵਪੂਰਨ ਪਹਿਲ ਹੈ। ਇਸ ਉਪਰਾਲੇ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲੇ ਹਨ ਅਤੇ ਸੂਬੇ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਨਵੀਂ ਊਰਜਾ ਮਿਲੀ ਹੈ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਸ਼ਾਮ 4 ਵਜੇ ਲਾਜਵੰਤੀ ਸਟੇਡੀਅਮ ਵਿਖੇ ਸਮਾਰੋਹ ਦੀ ਸ਼ੁਰੂਆਤ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣਗੇ। ਸਮਾਰੋਹ ਦੌਰਾਨ ਪ੍ਰਸਿੱਧ ਗਾਇਕ ਮੀਕਾ ਸਿੰਘ ਦੀ ਵਿਸ਼ੇਸ਼ ਪੇਸ਼ਕਾਰੀ ਦੇ ਨਾਲ-ਨਾਲ ਹੋਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਸੁਮਿਤ ਮੁੱਧ, ਅਮਰਜੀਤ ਬੈਂਸ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ. ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।