ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਦੀ ਸਖ਼ਤ ਨਿਖੇਧੀ
Publish Date: Tue, 10 Nov 2026 03:42 PM (IST)
Updated Date: Tue, 10 Nov 2026 03:44 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਸ੍ਰੀ ਮੌਨਸਰ ਮੰਦਿਰ ਵਿਖੇ ਤਹਿਸੀਲ ਪ੍ਰਧਾਨ ਕੰਵਰ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਲੈਕਚਰਾਰ ਕਮਲਜੀਤ ਕੌਰ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਮੌਕੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਅਤੇ ਸੰਘਰਸ਼ ਤੇਜ਼ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ ਦੱਸਿਆ ਕਿ 13 ਤੋਂ 19 ਨਵੰਬਰ 2026 ਤੱਕ ਸੰਗਰੂਰ ਵਿਖੇ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਮੂਲੀਅਤ 19 ਨਵੰਬਰ ਨੂੰ ਹੋਵੇਗੀ ਅਤੇ ਮੁਕੇਰੀਆਂ ਯੂਨਿਟ ਨੂੰ 40 ਮੈਂਬਰਾਂ ਦਾ ਕੋਟਾ ਦਿੱਤਾ ਗਿਆ ਹੈ। ਉਨ੍ਹਾਂ ਵੱਧ ਤੋਂ ਵੱਧ ਪੈਨਸ਼ਨਰਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਅਦਾਲਤੀ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਤਹਿਸੀਲ ਪ੍ਰਧਾਨ ਕੰਵਰ ਰਾਕੇਸ਼ ਸਿੰਘ ਨੇ ਪੈਨਸ਼ਨਰ ਦਿਵਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ। ਮੰਚ ਸੰਚਾਲਨ ਪ੍ਰਿੰ. ਜਗਜੀਤ ਸਿੰਘ ਨੇ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।