- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਨਾ ਕਾਸ਼ਤਕਾਰਾਂ ਨੇ ਰੋਸ ਧਰਨੇ ਨੂੰ ਕੀਤਾ ਚੱਕਾ ਜਾਮ ਵਿੱਚ ਤਬਦੀਲ

* ਕੌਮੀ ਰਾਜ ਮਾਰਗ ਦੀ ਪਠਾਨਕੋਟ ਤੋਂ ਜਲੰਧਰ ਜਾਣ ਵਾਲੀ ਸੜਕ ’ਤੇ ਕੀਤੀ ਟ੍ਰੈਫ਼ਿਕ ਬੰਦ
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਸੰਯੁਕਤ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਮੁਕੇਰੀਆਂ ਗੰਨਾ ਮਿੱਲ ਸਾਹਮਣੇ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਰੋਸ ਧਰਨਾ ਕੱਲ੍ਹ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ’ਚ ਵੱਡੀ ਗਿਣਤੀ ਕਿਸਾਨਾਂ ਦੇ ਨਾਲ ਮਹਿਲਾ ਕਿਸਾਨਾਂ ਨੇ ਵੀ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਦੋ ਦਿਨ ਬੀਤਣ ਦੇ ਬਾਵਜੂਦ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਹੋਣ ’ਤੇ ਕਿਸਾਨਾਂ ਨੇ ਸੰਘਰਸ਼ ਨੂੰ ਅਗਲੇ ਪੜਾਅ ’ਤੇ ਲਿਜਾਂਦਿਆਂ ਕੌਮੀ ਰਾਜ ਮਾਰਗ ਦੀ ਪਠਾਨਕੋਟ ਤੋਂ ਜਲੰਧਰ ਜਾਣ ਵਾਲੀ ਸੜਕ ’ਤੇ ਆਵਾਜਾਈ ਠੱਪ ਕਰ ਦਿੱਤੀ ਤੇ ਆਉਣ ਵਾਲੇ ਦਿਨਾਂ ’ਚ ਸਰਕਾਰ ਨੂੰ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ। ਸੁਣਵਾਈ ਨਾ ਹੋਣ ਕਾਰਨ 15 ਨਵੰਬਰ ਤੋਂ ਮੁਕੇਰੀਆਂ ਮਿੱਲ ਸਾਹਮਣੇ ਪੱਕਾ ਧਰਨਾ ਸ਼ੁਰੂ ਕੀਤਾ ਗਿਆ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮਿੱਲਾਂ ਚਾਲੂ ਕਰਨ ’ਚ ਹੋਰ ਦੇਰੀ ਨਾਲ ਗੰਨੇ ਦੀ ਪਿੜਾਈ ਪ੍ਰਭਾਵਿਤ ਹੋਵੇਗੀ, ਜਿਸ ਕਾਰਨ ਕਣਕ ਦੀ ਬਿਜਾਈ ’ਚ ਦੇਰੀ ਤੇ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ’ਚ ਹੋਰ ਵਾਧਾ ਹੋ ਸਕਦਾ ਹੈ।
ਆਗੂਆਂ ਅਨੁਸਾਰ ਖੇਤੀਬਾੜੀ ਯੂਨੀਵਰਸਿਟੀਆਂ ਵੱਲੋਂ ਗੰਨੇ ਦੀ ਉਤਪਾਦਨ ਲਾਗਤ 392 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਗਈ ਹੈ, ਜਦਕਿ ਕੇਂਦਰ ਵੱਲੋਂ ਨਿਰਧਾਰਤ ਭਾਅ 365 ਰੁਪਏ ਹੈ। ਉਨ੍ਹਾਂ ਗੰਨੇ ਦਾ ਭਾਅ ਵਧਾ ਕੇ 650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਰਕਾਰ ਤੇ ਨਿੱਜੀ ਮਿੱਲਾਂ ਵੱਲ ਕਿਸਾਨਾਂ ਦੇ ਕਰੀਬ 63 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ, ਨਵੇਂ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ, ਮਿੱਲਾਂ ਚਾਲੂ ਕਰਨ ਦੀ ਤਰੀਕ ਐਲਾਨਣ ਅਤੇ 'ਇੱਕ ਕਾਊਂਟਰ, ਇੱਕ ਪੇਮੈਂਟ' ਨੀਤੀ ਲਾਗੂ ਕਰਨ ਦੀ ਮੰਗ ਉਠਾਈ।