- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਯਤ ਬਾਹਰਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

- ਵਿਸ਼ੇਸ਼ ਸਮਾਗਮ ਦੌਰਾਨ ਮਨੀਸ਼ ਸਿਸੋਦੀਆ ਨੇ ਪੰਜਾਬ ’ਚ ਵਿਸ਼ਵ ਪੱਧਰੀ ਸਿੱਖਿਆ ਕ੍ਰਾਂਤੀ ਦਾ ਦਿੱਤਾ ਸੱਦਾ
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਿੱਖਿਆ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਪ੍ਰੋ. ਡਾ. ਚੰਦਰ ਮੋਹਨ ਨੇ ਕੀਤੀ, ਜਦਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸਮਾਗਮ ਦੀ ਪ੍ਰਧਾਨ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹੁਸ਼ਿਆਰਪੁਰ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਮੇਅਰ ਪ੍ਰਵੀਨ ਸੈਣੀ ਅਤੇ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਕੂਲਾਂ ਅਤੇ ਯੂਨੀਵਰਸਿਟੀਆਂ ਦੇ ਵਿੱਦਿਅਕ ਢਾਂਚੇ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਮਾਜਿਕ ਤਬਦੀਲੀ ਦੀ ਸ਼ੁਰੂਆਤ ਜਮਾਤਾਂ ਦੇ ਕਮਰਿਆਂ ਤੋਂ ਹੁੰਦੀ ਹੈ ਅਤੇ ਜਦੋਂ ਤੱਕ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਸਮਰੱਥ ਨਹੀਂ ਬਣਾਇਆ ਜਾਂਦਾ, ਓਦੋਂ ਤੱਕ ਸਿੱਖਿਆ ਕ੍ਰਾਂਤੀ ਸੰਭਵ ਨਹੀਂ ਹੈ, ਇਸ ਲਈ ਸਰਕਾਰ ਪੰਜਾਬ ਨੂੰ ਮੁੜ ਗਿਆਨ-ਵਿਗਿਆਨ ਦਾ ਮੋਹਰੀ ਕੇਂਦਰ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਤਾ ਦੱਸਦਿਆਂ ਕਿਹਾ ਕਿ ਰਿਆਤ ਬਾਹਰਾ ਅਦਾਰਾ ਵਿਦਿਆਰਥੀਆਂ ਨੂੰ ਰੁਜ਼ਗਾਰਮੁਖੀ ਅਤੇ ਮਿਆਰੀ ਸਿੱਖਿਆ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਾਲੇ ਹਰ ਉਸਾਰੂ ਕਦਮ ਦਾ ਪੂਰਨ ਸਮਰਥਨ ਕਰਦਾ ਰਹੇਗਾ। ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਨੇ ਸਿੱਖਿਆ ਦੇ ਖ਼ੇਤਰ ਵਿਚ ਇੱਕ ਨਵਾਂ ਅਧਿਆਏ ਜੋੜਿਆ ਹੈ। ਦੂਰ-ਦੁਰਾਡੇ ਜਾਣ ਵਾਲੇ ਵਿਦਿਆਰਥੀਆਂ ਲਈ ਇੱਕ ਸਿੱਖਿਆ ਦਾ ਕੇਂਦਰ ਸਥਾਪਿਤ ਕਰ ਕੇ ਜ਼ਿਲ੍ਹਾ ਸਮੇਤ ਆਸ-ਪਾਸ ਦੇ ਸੂਬਿਆਂ ਨੂੰ ਵੀ ਰਾਹਤ ਦਿੱਤੀ ਹੈ। ਵਾਈਸ ਚਾਂਸਲਰ ਪ੍ਰੋ. ਡਾ. ਚੰਦਰ ਮੋਹਨ ਨੇ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਖੋਜ, ਨਵੀਨਤਾ ਅਤੇ ਆਲੋਚਨਾਤਮਕ ਸੋਚ ਨੂੰ ਪ੍ਰਫੁੱਲਿਤ ਕਰਨ ਦੀ ਹੈ ਤਾਂ ਜੋ ਵਿਦਿਆਰਥੀ ਕੌਮਾਂਤਰੀ ਪੱਧਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣ ਸਕਣ। ਸਮਾਗਮ ਦੀ ਸਮਾਪਤੀ ਮੌਕੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਮੂਹ ਸਟਾਫ਼, ਵਿਦਿਆਰਥੀ, ਮਾਤਾ-ਪਿਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਹਾਜ਼ਰ ਸਨ।