ਅਧਿਆਪਕ ਜਥੇਬੰਦੀਆਂ ਵੱਲੋਂ 'ਟੈੱਟ' ਦੀ ਸ਼ਰਤ ਖ਼ਿਲਾਫ਼ ਸੰਘਰਸ਼ ਦਾ ਬਿਗਲ,
ਅਧਿਆਪਕ ਜਥੇਬੰਦੀਆਂ ਵੱਲੋਂ 'ਟੈੱਟ' ਦੀ ਸ਼ਰਤ ਖ਼ਿਲਾਫ਼ ਸੰਘਰਸ਼ ਦਾ ਬਿਗਲ, 22 ਨੂੰ ਸਿੱਖਿਆ ਮੰਤਰੀ ਦੇ ਹਲਕੇ 'ਚ ਹੋਵੇਗੀ ਸੂਬਾਈ ਰੈਲੀ
Publish Date: Wed, 18 Feb 2026 04:28 PM (IST)
Updated Date: Thu, 19 Feb 2026 04:03 AM (IST)

22 ਨੂੰ ਸਿੱਖਿਆ ਮੰਤਰੀ ਦੇ ਹਲਕੇ ਚ ਹੋਵੇਗੀ ਸੂਬਾਈ ਰੈਲੀ, 2011 ਤੋਂ ਪਹਿਲਾਂ ਨਿਯੁਕਤ ਅਧਿਆਪਕਾਂ ਤੇ ਟੈੱਟ ਥੋਪਣ ਦਾ ਕੀਤਾ ਵਿਰੋਧ, ਦਸੂਹਾ ਵਿਖੇ ਸਮੂਹ ਜਥੇਬੰਦੀਆਂ ਦੀ ਮੀਟਿੰਗ ’ਚ ਲਿਆ ਅਹਿਮ ਫ਼ੈਸਲਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਸ਼ੁਰੂ ਹੋਣ ਤੋਂ ਪਹਿਲਾਂ ਨਿਯੁਕਤ ਹੋਏ ਅਧਿਆਪਕਾਂ ਤੇ ਟੈੱਟ ਦੀ ਸ਼ਰਤ ਲਾਗੂ ਕਰਨ ਅਤੇ ਇਸ ਦੇ ਆਧਾਰ ਤੇ ਤਰੱਕੀਆਂ ਰੋਕਣ ਦੇ ਫੈਸਲੇ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਬਲਾਕ ਦਸੂਹਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਦਸੂਹਾ ਵਿਖੇ ਹੋਈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 15 ਅਧਿਆਪਕ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਸਾਂਝੀ ਸੂਬਾਈ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ, ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਜਲ, ਡੀ.ਟੀ.ਐੱਫ. ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ ਅਤੇ ਪੀ.ਪੀ.ਪੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਸਾਂਝੇ ਤੌਰ ਤੇ ਕਿਹਾ ਕਿ ਸਾਲ 2011 ਵਿੱਚ ਸ਼ੁਰੂ ਕੀਤੇ ਗਏ ਟੈੱਟ ਨੂੰ ਉਸ ਤੋਂ ਪਹਿਲਾਂ ਦੀਆਂ ਭਰਤੀਆਂ ਤੇ ਥੋਪਣਾ ਸਰਾਸਰ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕ ਪਹਿਲਾਂ ਹੀ ਮੈਰਿਟ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਆਏ ਹਨ, ਹੁਣ ਤਰੱਕੀਆਂ ਵੇਲੇ ਨਵੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਦੇ ਹੱਕ ਮਾਰਨਾ ਨਿਆਂ-ਸੰਗਤ ਨਹੀਂ ਹੈ। ਸਰਕਾਰ ਦੇ ਦੋਹਰੇ ਮਾਪਦੰਡਾਂ ਤੇ ਚੁੱਕੇ ਸਵਾਲ : ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਮੁਲਾਜ਼ਮਾਂ ਦੇ ਹਿੱਤ ਵਿੱਚ ਕੋਈ ਅਦਾਲਤੀ ਫੈਸਲਾ ਆਉਂਦਾ ਹੈ (ਜਿਵੇਂ ਬਰਾਬਰ ਕੰਮ ਬਰਾਬਰ ਤਨਖਾਹ), ਤਾਂ ਸਰਕਾਰ ਟਾਲ-ਮਟੋਲ ਕਰਦੀ ਹੈ, ਪਰ ਮੁਲਾਜ਼ਮ ਵਿਰੋਧੀ ਫੈਸਲਿਆਂ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਰਹਿੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਸਲੇ ਵਿੱਚ ਦਖ਼ਲ ਦੇਵੇ ਅਤੇ 2011 ਤੋਂ ਪਹਿਲਾਂ ਦੇ ਅਧਿਆਪਕਾਂ ਨੂੰ ਟੈੱਟ ਤੋਂ ਛੋਟ ਦਿਵਾ ਕੇ ਉਨ੍ਹਾਂ ਦੀਆਂ ਤਰੱਕੀਆਂ ਦਾ ਰਸਤਾ ਸਾਫ਼ ਕਰੇ। ਇਹ ਆਗੂ ਵੀ ਰਹੇ ਮੌਜੂਦ : ਮੀਟਿੰਗ ਦੌਰਾਨ ਰਸਨਾ ਦੇਵੀ, ਜਸਵੀਰ ਕੌਰ ਠੱਕਰ, ਰੁਪਿੰਦਰ ਕੌਰ, ਸੁਮਨ ਕੁਮਾਰੀ, ਰਜਿੰਦਰ ਕੁਮਾਰੀ, ਪ੍ਰਵੀਨ ਬਾਲਾ ਸ਼ਰਮਾ, ਚਰਨਜੀਤ ਕੌਰ, ਮਨਜੀਤ ਸਿੰਘ ਕਠਾਣਾ, ਨਿਰਮਲ ਸਿੰਘ ਨਿਹਾਲਪੁਰ, ਵਰਿੰਦਰ ਸੈਣੀ, ਰਾਕੇਸ਼ ਕੁਮਾਰ, ਰਾਜਨ ਕੁਮਾਰ ਤੇ ਮੁਨੀਸ਼ ਕੁਮਾਰ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ।