ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ
Publish Date: Sat, 14 Nov 2026 04:52 PM (IST)
Updated Date: Sat, 14 Nov 2026 04:54 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਨੇ ਸਰਕਾਰੀ ਹਾਈ ਸਕੂਲ ਡੰਡੋ ਔਰਾਹ ਅਤੇ ਸਰਕਾਰੀ ਹਾਈ ਸਕੂਲ ਅਤਵਾਰਾਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਣ ਦੇ ਨਾਲ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਨੂੰ ਸਮੂਹਿਕ ਯਤਨਾਂ ਨਾਲ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ। ਨਿਰੀਖਣ ਦੌਰਾਨ ਡੀਈਓ ਨੇ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਵਿਸ਼ਿਆਂ ਸਬੰਧੀ ਸਮਝ ਤੇ ਸਿੱਖਣ ਦੇ ਪੱਧਰ ਨੂੰ ਪਰਖਿਆ। ਉਨ੍ਹਾਂ ਅਧਿਆਪਕਾਂ ਤੋਂ ਪਾਠਕ੍ਰਮ ਦੀ ਪ੍ਰਗਤੀ ਅਤੇ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਲਈ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਫ਼ਲਤਾ ਲਈ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਅਧਿਆਪਕ ਸਿਰਫ਼ ਪਾਠਕ੍ਰਮ ਪੂਰਾ ਕਰਵਾਉਣ ਤੱਕ ਸੀਮਤ ਨਾ ਰਹਿਣ, ਸਗੋਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕ ਸੋਚ ਅਤੇ ਅੱਗੇ ਵਧਣ ਦੀ ਭਾਵਨਾ ਵੀ ਪੈਦਾ ਕਰਨ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਵਿੱਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਜਿਸ ਦੀ ਪਛਾਣ ਕਰਕੇ ਉਸ ਨੂੰ ਅੱਗੇ ਵਧਣ ਦੇ ਮੌਕੇ ਦੇਣੇ ਚਾਹੀਦੇ ਹਨ। ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦੇਣ, ਨਿਯਮਿਤ ਮੁਲਾਂਕਣ ਕਰਨ ਅਤੇ ਮਾਪਿਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਅਪਣਾਉਣ ਅਤੇ ਸਕੂਲਾਂ ਵਿੱਚ ਅਨੁਸ਼ਾਸਨ ਤੇ ਸਕਾਰਾਤਮਕ ਸਿੱਖਿਆਤਮਕ ਮਾਹੌਲ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦਾ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿੱਖਿਆ ਦਫ਼ਤਰ ਤੋਂ ਨਿਰਮਲਾ ਅਤੇ ਅਨਿਰੁੱਧ ਮੋਡਗਿਲ ਵੀ ਮੌਜੂਦ ਸਨ।