ਕਸਬਾ ਹਰਿਆਣਾ ਵਿੱਚ ਟਰੈਫਿਕ ਵਿਵਸਥਾ ਬੇਲਗਾਮ, ਰੋਜ਼ਾਨਾ ਲੱਗ ਰਹੇ ਲੰਮੇ ਜਾਮਾਂ ਤੋਂ ਲੋਕ ਪ੍ਰੇਸ਼ਾਨ ਕਸਬਾ ਹਰਿਆਣਾ ਵਿੱਚ ਟਰੈਫਿਕ ਵਿਵਸਥਾ ਬੇਲਗਾਮ, ਰੋਜ਼ਾਨਾ ਲੱਗ ਰਹੇ ਲੰਮੇ ਜਾਮਾਂ ਤੋਂ ਲੋਕ ਪ੍ਰੇਸ਼ਾਨ
Publish Date: Sat, 28 Nov 2026 03:52 PM (IST)
Updated Date: Sat, 28 Nov 2026 03:55 PM (IST)
ਟਰੈਫਿਕ ਪੁਲਿਸ ਮੁਲਾਜ਼ਮ ਦੀ ਤਾਇਨਾਤੀ ਨਾ ਹੋਣ ਕਾਰਨ ਵਿਗੜ ਰਹੀ ਵਿਵਸਥਾ ਕਮਲ, ਪੰਜਾਬੀ ਜਾਗਰਣ ਹਰਿਆਣਾ : ਕਸਬਾ ਹਰਿਆਣਾ ਵਿੱਚ ਟਰੈਫਿਕ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਕਸਬੇ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰਾਂ ਵਿੱਚ ਰੋਜ਼ਾਨਾ ਲੱਗਣ ਵਾਲੇ ਲੰਮੇ ਜਾਮਾਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੋਈ ਠੋਸ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਦੀ ਮੰਗ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਕਸਬਾ ਹਰਿਆਣਾ ਵਿੱਚੋਂ ਰੋਜ਼ਾਨਾ ਦੋਪਹੀਆ ਵਾਹਨਾਂ, ਕਾਰਾਂ, ਟਰੈਕਟਰ-ਟਰਾਲੀਆਂ ਅਤੇ ਹੋਰ ਭਾਰੀ ਵਾਹਨਾਂ ਦੀ ਵੱਡੀ ਗਿਣਤੀ ਵਿੱਚ ਆਵਾਜਾਈ ਹੁੰਦੀ ਹੈ ਪਰ ਸੜਕਾਂ ’ਤੇ ਟਰੈਫਿਕ ਨੂੰ ਕੰਟਰੋਲ ਕਰਨ ਲਈ ਮੁਲਾਜ਼ਮ ਦੀ ਨਿਯਮਤ ਤਾਇਨਾਤੀ ਨਾ ਹੋਣ ਕਾਰਨ ਅਕਸਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਕਈ ਵਾਰ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਾਫੀ ਸਮਾਂ ਜਾਮ ਵਿੱਚ ਫਸ ਕੇ ਬਿਤਾਉਣਾ ਪੈਂਦਾ ਹੈ। ਇਸ ਦਾ ਸਭ ਤੋਂ ਵੱਧ ਅਸਰ ਦੁਕਾਨਦਾਰਾਂ, ਵਪਾਰੀਆਂ, ਸਕੂਲ ਜਾਣ ਵਾਲੇ ਬੱਚਿਆਂ ਅਤੇ ਰੋਜ਼ਾਨਾ ਕੰਮਕਾਜ ਲਈ ਆਉਣ-ਜਾਣ ਵਾਲੇ ਲੋਕਾਂ ’ਤੇ ਪੈ ਰਿਹਾ ਹੈ। ਇਸ ਸਮੱਸਿਆ ਦਾ ਸਭ ਤੋਂ ਚਿੰਤਾਜਨਕ ਪੱਖ ਐਮਰਜੈਂਸੀ ਸੇਵਾਵਾਂ ਦਾ ਪ੍ਰਭਾਵਿਤ ਹੋਣਾ ਹੈ। ਟਰੈਫਿਕ ਜਾਮ ਕਾਰਨ ਮਰੀਜ਼ਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਵੀ ਕਈ ਵਾਰ ਰਸਤਾ ਨਹੀਂ ਮਿਲਦਾ। ਅਜਿਹੀ ਸਥਿਤੀ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲਣ ਵਿੱਚ ਦੇਰੀ ਹੋ ਸਕਦੀ ਹੈ, ਜੋ ਉਨ੍ਹਾਂ ਦੀ ਜਾਨ ਲਈ ਖਤਰਾ ਬਣ ਸਕਦੀ ਹੈ। ਰਿਟਾਇਰਡ ਪ੍ਰਿੰਸੀਪਲ ਰਮੇਸ਼ ਸੈਣੀ ਨੇ ਕਿਹਾ ਕਿ ਕਸਬੇ ਵਿੱਚ ਟਰੈਫਿਕ ਪੁਲਿਸ ਦੇ ਮੁਲਾਜ਼ਮ ਦੀ ਨਿਯਮਤ ਤਾਇਨਾਤੀ ਨਾ ਹੋਣਾ ਇਸ ਸਮੱਸਿਆ ਦਾ ਵੱਡਾ ਕਾਰਨ ਹੈ। ਟਰੈਫਿਕ ਕੰਟਰੋਲ ਕਰਨ ਵਾਲਾ ਕੋਈ ਮੁਲਾਜ਼ਮ ਮੌਜੂਦ ਨਾ ਹੋਣ ਕਾਰਨ ਵਾਹਨ ਚਾਲਕ ਆਪਣੀ ਮਰਜ਼ੀ ਨਾਲ ਸੜਕਾਂ ’ਤੇ ਵਾਹਨ ਖੜ੍ਹੇ ਕਰ ਦਿੰਦੇ ਹਨ, ਜਿਸ ਨਾਲ ਆਵਾਜਾਈ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਇਸ ਤੋਂ ਇਲਾਵਾ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਸੜਕ ਤੱਕ ਸਮਾਨ ਰੱਖਣ ਅਤੇ ਕਥਿਤ ਨਾਜਾਇਜ਼ ਕਬਜ਼ਿਆਂ ਕਾਰਨ ਵੀ ਸੜਕਾਂ ਦੀ ਚੌੜਾਈ ਘਟ ਰਹੀ ਹੈ। ਲੋਕਾਂ ਦਾ ਦੋਸ਼ ਹੈ ਕਿ ਨਗਰ ਕੌਂਸਲ ਵੱਲੋਂ ਸੜਕਾਂ ’ਤੇ ਹੋਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੀ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਸੜਕਾਂ ਤੋਂ ਕਬਜ਼ੇ ਹਟਾ ਕੇ ਦੁਕਾਨਦਾਰਾਂ ਨੂੰ ਨਿਰਧਾਰਤ ਹੱਦ ਅੰਦਰ ਸਮਾਨ ਰੱਖਣ ਦੀ ਹਦਾਇਤ ਕੀਤੀ ਜਾਵੇ ਅਤੇ ਪਾਰਕਿੰਗ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਟਰੈਫਿਕ ਦੀ ਸਮੱਸਿਆ ਕਾਫੀ ਹੱਦ ਤੱਕ ਘਟਾਈ ਜਾ ਸਕਦੀ ਹੈ। ਇਸ ਸਬੰਧੀ ਥਾਣਾ ਹਰਿਆਣਾ ਦੇ ਐਸਐਚਓ ਗੁਰਚਰਨ ਸਿੰਘ ਨੇ ਕਿਹਾ ਕਿ ਟਰੈਫਿਕ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਹੈ। ਉਹ ਜਲਦ ਹੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਸਬੇ ਵਿੱਚ ਟਰੈਫਿਕ ਪੁਲਿਸ ਦੇ ਇੱਕ ਮੁਲਾਜ਼ਮ ਦੀ ਡਿਊਟੀ ਲਗਾਉਣ ਦੀ ਮੰਗ ਕਰਨਗੇ, ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕਸਬਾ ਹਰਿਆਣਾ ਵਿੱਚ ਤੁਰੰਤ ਟਰੈਫਿਕ ਪੁਲਿਸ ਮੁਲਾਜ਼ਮ ਤਾਇਨਾਤ ਕੀਤਾ ਜਾਵੇ, ਨਾਜਾਇਜ਼ ਕਬਜ਼ੇ ਹਟਾਏ ਜਾਣ ਅਤੇ ਪਾਰਕਿੰਗ ਦੀ ਵਿਵਸਥਾ ਕੀਤੀ ਜਾਵੇ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਕਦੋਂ ਤੱਕ ਠੋਸ ਕਦਮ ਚੁੱਕਦਾ ਹੈ।