- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਂਸ ਖੁਰਦ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਬੈਂਸ ਖੁਰਦ ਵਿਖੇ ਅੱਜ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਹਰ ਲੋੜੀਂਦੀ ਮੁੱਢਲੀ ਸਹੂਲਤ ਮਿਲ ਰਹੀ ਹੈ। ਕੈਬਨਿਟ ਮੰਤਰੀ ਨੇ ਨਵੇਂ ਟਿਊਬਵੈੱਲ ਦੇ ਉਦਘਾਟਨ ਮੌਕੇ ਕਿਹਾ ਕਿ ਪਿੰਡ ਵਾਸੀਆਂ ਦੀ ਚਿਰੋਕਲੀ ਮੰਗ ਸੀ ਕਿ ਟਿਊਬਵੈੱਲ ਲਗਾਇਆ ਜਾਵੇ, ਜਿਸ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਕਰ ਕੇ ਪਿੰਡ ਵਾਸੀਆਂ ਲਈ ਸਾਫ ਪਾਣੀ ਪੀਣ ਦੀ ਸਹੂਲਤ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਵੱਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹਰ ਲੋੜੀਂਦੀ ਅਤੇ ਮਿਆਰੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਆਪਣੇ ਇਲਾਕੇ ਦੀਆਂ ਜਿਹੜੀਆਂ ਵੀ ਜਾਇਜ਼ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਹੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਹੂਲਤ ਮਿਲਣ ਨਾਲ ਪਿੰਡ ਦੇ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਵੱਡੀ ਰਾਹਤ ਮਿਲੇਗੀ।