ਜਨਗਣਨਾ-2027 ਤਹਿਤ 30 ਨਵੰਬਰ ਤੱਕ ਲੋਕ ਖੁਦ ਦਰਜ ਕਰ ਸਕਣਗੇ ਆਪਣੇ ਵੇਰਵੇ : ਗੁਰਕੰਵਲ ਸਿੰਘ ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਲੋਕ ਖੁਦ ਦਰਜ ਕਰ ਸਕਣਗੇ ਆਪਣੇ ਵੇਰਵੇ: ਗੁਰਕੰਵਲ ਸਿੰਘ
Publish Date: Fri, 13 Nov 2026 03:16 PM (IST)
Updated Date: Fri, 13 Nov 2026 03:18 PM (IST)
ਉਦਯੋਗਾਂ, ਬੈਂਕਾਂ ਅਤੇ ਹੋਰ ਸੰਸਥਾਵਾਂ ਨੂੰ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਜਨਗਣਨਾ-2027 ਤਹਿਤ ਦੂਜੇ ਪੜਾਅ ਵਿੱਚ ਆਬਾਦੀ ਦੀ ਗਣਨਾ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 16 ਤੋਂ 30 ਨਵੰਬਰ 2026 ਤੱਕ ਨਾਗਰਿਕਾਂ ਨੂੰ ਆਪਣੇ ਵੇਰਵੇ ਖੁਦ ਦਰਜ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤੇ ਜਨਗਣਨਾ ਦੇ ਨੋਡਲ ਪ੍ਰਚਾਰ-ਪ੍ਰਸਾਰ ਅਧਿਕਾਰੀ ਅਤੇ ਅੰਡਰ ਟ੍ਰੇਨਿੰਗ ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਗੁਰਕੰਵਲ ਸਿੰਘ ਨੇ ਕਿਹਾ ਕਿ ਜਨਗਣਨਾ-2027 ਇੱਕ ਮਹੱਤਵਪੂਰਨ ਕੌਮੀ ਪ੍ਰਕਿਰਿਆ ਹੈ, ਜਿਸ ਦੀ ਸਫ਼ਲਤਾ ਲਈ ਹਰੇਕ ਨਾਗਰਿਕ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। 16 ਨਵੰਬਰ ਤੋਂ ਨਾਗਰਿਕ ਅਧਿਕਾਰਤ ਪੋਰਟਲ ਰਾਹੀਂ 30 ਨਵੰਬਰ ਤੱਕ ਆਪਣੇ ਵੇਰਵੇ ਖੁਦ ਦਰਜ ਕਰਵਾ ਸਕਣਗੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਖੇਤਰਾਂ ਵਿੱਚ ਸੈਲਫ ਇਨਿਊਮਰੇਸ਼ਨ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਉਨ੍ਹਾਂ ਉਦਯੋਗਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਰਮਚਾਰੀਆਂ ਨੂੰ ਇਸ ਸਹੂਲਤ ਬਾਰੇ ਜਾਣਕਾਰੀ ਦੇਣ ਅਤੇ ਨਿਰਧਾਰਤ ਸਮੇਂ ਅੰਦਰ ਵੇਰਵੇ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ ਦਫ਼ਤਰਾਂ ਅਤੇ ਸੇਵਾ ਕੇਂਦਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਡੈਸਕ ਸਥਾਪਿਤ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਲੋਕਾਂ ਨੂੰ ਸੈਲਫ ਇਨਿਊਮਰੇਸ਼ਨ ਦੀ ਪ੍ਰਕਿਰਿਆ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜਨਗਣਨਾ ਦੌਰਾਨ ਸਹੀ ਅਤੇ ਸਟੀਕ ਜਾਣਕਾਰੀ ਦਰਜ ਕਰਵਾਉਣੀ ਜ਼ਰੂਰੀ ਹੈ, ਕਿਉਂਕਿ ਇਸ ਦੇ ਆਧਾਰ ਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਨੀਤੀਆਂ ਤਿਆਰ ਕਰਨ ਵਿੱਚ ਮਦਦ ਮਿਲਦੀ ਹੈ। ਗੁਰਕੰਵਲ ਸਿੰਘ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਨਗਰ ਨਿਗਮ, ਤਹਿਸੀਲਾਂ ਅਤੇ ਨਗਰ ਕੌਂਸਲਾਂ ਵਿੱਚ ਸਿਖਲਾਈ ਦੇ ਨਾਲ-ਨਾਲ ਫੀਲਡ ਟ੍ਰੇਨਿੰਗ ਵੀ ਕਰਵਾਈ ਗਈ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ ਪੋਰਟਲ ਰਾਹੀਂ ਆਪਣੇ ਵੇਰਵੇ ਦਰਜ ਕਰਵਾ ਕੇ ਇਸ ਕੌਮੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ।