ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ : ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਸੂਬਿਆਂ ਨੂੰ ਵੱਧ ਅਧਿਕਾਰ ਅਤੇ ਖੁਦਮੁਖਤਿਆਰੀ ਦੇਣ ਦੀ ਬਜਾਏ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਮਿਲੇ ਹੋਏ ਸੰਵਿਧਾਨਿਕ ਅਧਿਕਾਰਾਂ 'ਤੇ ਡਾਕਾ ਮਾਰ ਰਹੀ ਹੈ। ਇਹੋ ਕਾਰਨ ਹੈ ਕਿ ਹੁਣ ਭਾਜਪਾ ਕਿਸਾਨੀ ਅੰਦੋਲਨ ਨੂੰ ਲੈ ਕੇ ਆਪਣੇ-ਆਪ ਨੂੰ ਕੁੜਿੱਕੀ ਵਿੱਚ ਫਸਿਆ ਹੋਇਆ ਮਹਿਸੂਸ ਕਰ ਰਹੀ ਹੈ।ਇਹ ਵਿਚਾਰ ਵੀਰਵਾਰ ਨੂੰ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਵਾਰਤਾ ਦੌਰਾਨ ਪ੍ਰਗਟ ਕੀਤੇ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਤੇ ਨਾ ਕਿਤੇ ਸੰਵਿਧਾਨ ਦੀ ਮਰਿਆਦਾ ਤੋਂ ਉਲਟ ਜਾ ਕੇ ਬਣਾਏ ਗਏ ਵਿਵਾਦਗ੍ਰਸਤ ਕਾਨੂੰਨਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੂੰ ਡਰ ਹੈ ਕਿ ਜੇਕਰ ਉਸ ਵੱਲੋਂ ਬਣਾਏ ਗਏ ਵਿਵਾਦਗ੍ਰਸਤ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਂਦੇ ਹਨ ਤਾਂ ਧਾਰਾ 370 ਅਤੇ ਐੱਨ ਆਰ ਸੀ ਵਰਗੇ ਹੋਰ ਕਾਨੂੰਨ ਰੱਦ ਕਰਵਾਉਣ ਲਈ ਬਾਕੀ ਸੂਬਿਆਂ ਤੋਂ ਵੀ ਮੰਗ ਉੱਠ ਸਕਦੀ ਹੈ। ਇਸੇ ਡਰ ਨੂੰ ਲੈ ਕੇ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਅੰਦੋਲਨ ਸਬੰਧੀ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਕਿਸਾਨਾਂ ਦੀ ਮੰਗ ਨੂੰ ਮੰਨਣ ਤੋਂ ਲਗਾਤਾਰ ਪਿੱਛੇ ਹਟ ਰਹੀ ਹੈ।

ਸਾਬਕਾ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਭਾਜਪਾ ਵਿਵਾਦਗ੍ਰਸਤ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਕਿਸਾਨਾਂ ਦੇ ਮਸਲੇ ਸੁਲਝਾਉਣ ਦੀ ਬਜਾਏ ਅਸਲ ਵਿੱਚ ਕਿਸਾਨੀ ਅੰਦੋਲਨ ਨੂੰ ਕਿਸੇ ਵੀ ਕੀਮਤ 'ਤੇ ਖ਼ਤਮ ਕਰਨ ਵਿੱਚ ਜ਼ਿਆਦਾ ਦਿਲਚਸਪੀ ਰੱਖਦੀ ਹੈ ਕਿਉਂਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਜਿੱਥੇ ਸੰਸਾਰ ਪੱਧਰ ਤੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀ ਵੱਡੀ ਪੱਧਰ 'ਤੇ ਕਿਰਕਿਰੀ ਹੋ ਰਹੀ ਹੈ ਉਥੇ ਦੇਸ਼ ਦੇ ਬਾਕੀ ਸੂਬਿਆਂ ਦੇ ਨਾਲ-ਨਾਲ ਪੰਜਾਬ 'ਚ ਭਾਜਪਾ ਦਾ ਆਧਾਰ ਲਗਾਤਾਰ ਖ਼ਤਮ ਹੋ ਰਿਹਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਭਾਜਪਾ ਨੇ ਹਿੰਦੂ ਸਿੱਖ ਭਾਈਚਾਰੇ ਨੂੰ ਖ਼ਤਮ ਕਰਨ ਦੇ ਨਾਲ-ਨਾਲ ਪੰਜਾਬ ਤੇ ਹਰਿਆਣਾ ਸੂਬੇ ਦੇ ਲੋਕਾਂ ਨੂੰ ਆਪਸ ਵਿਚ ਲੜਾਉਣ ਦੀਆਂ ਕੋਝੀਆਂ ਚਾਲਾਂ ਚੱਲਣ ਦੀਆਂ ਕੋਸ਼ਿਸ਼ਾਂ ਕੀਤੀਆਂ, ਜਿਸਨੂੰ ਪੰਜਾਬੀਆਂ ਦੀ ਏਕਤਾ ਨੇ ਮੂੰਹ ਤੋੜ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਅਜੇ ਵੀ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਵਿੱਚ ਕਿਸਾਨ ਜਥੇਬੰਦੀਆਂ ਦਾ ਪੂਰਨ ਸਹਿਯੋਗ ਕਰ ਰਹੀ ਹੈ ਅਤੇ ਉਨ੍ਹਾਂ ਦੇ ਦਿੱਤੇ ਹੋਏ ਪ੍ਰੋਗਰਾਮ 'ਤੇ ਪਹਿਰਾ ਦੇ ਰਹੀ ਹੈ।

ਸਾਬਕਾ ਖ਼ਜ਼ਾਨਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸਾਨੀ ਸੰਘਰਸ਼ ਨੂੰ ਲੈ ਕੇ ਵਾਇਰਲ ਹੋਈ ਸੋਸ਼ਲ ਮੀਡੀਆ ਚੈਟਿੰਗ 'ਤੇ ਉਹ ਭਰੋਸਾ ਨਹੀਂ ਕਰਦੇ ਕਿਉਂਕਿ ਸੋਸ਼ਲ ਮੀਡੀਆ ਦੀਆਂ ਖ਼ਬਰਾਂ ਦੀ ਕੋਈ ਜਵਾਬਦੇਹੀ ਤੇ ਜ਼ਿੰਮੇਵਾਰੀ ਨਿਰਧਾਰਿਤ ਨਹੀਂ ਹੁੰਦੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਚੈਟਿੰਗ ਵਿੱਚ ਕਿਸਾਨੀ ਸੰਘਰਸ਼ ਅਤੇ ਫੰਡਿੰਗ ਨੂੰ ਲੈ ਕੇ ਵਿਵਾਦਗ੍ਰਸਤ ਟਿੱਪਣੀਆਂ ਕਾਫ਼ੀ ਚਰਚਾ ਵਿੱਚ ਹਨ।

ਪਰਮਿੰਦਰ ਸਿੰਘ ਢੀਂਡਸਾ ਹੁਸ਼ਿਆਰਪੁਰ ਵਿੱਚ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ ਕਰਨ ਲਈ ਆਏ ਹੋਏ ਸਨ। ਉਨ੍ਹਾਂ ਸਤਵਿੰਦਰ ਸਿੰਘ ਪਾਲ ਨੂੰ ਪਾਰਟੀ ਦੀ ਜ਼ਿਲ੍ਹਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਜੰਡਾ,ਅਵਤਾਰ ਸਿੰਘ ਜੌਹਲ, ਸੰਤ ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਾਬਾ ਬਲਵੀਰ ਸਿੰਘ ਟਿੱਬਾ ਸਾਹਿਬ,ਗਿਆਨੀ ਤਰਲੋਚਨ ਸਿੰਘ ਗੁਰਦੁਆਰਾ ਅੰਗੀਠਾ ਸਾਹਿਬ ਬਰਖੱਤ,ਪਰਮਿੰਦਰ ਸਿੰਘ ਪੰਨੂ ਕੰਗਮਾਈ,ਕੁਲਵਿੰਦਰ ਸਿੰਘ ਬੌਬੀ ਚਾਵਲਾ,ਭੁਪਿੰਦਰ ਸਿੰਘ,ਮੰਗਲ ਸਿੰਘ ਸੈਬ,ਸਰਬਜੀਤ ਸਿੰਘ ਸਾਬੀ ਸੈਬ,ਸਾਬੀ ਸੈਣੀ,ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

Posted By: Rajnish Kaur