ਅਫਸਰਾਂ ਦੀਆਂ ਖਾਲੀ ਪਈਆਂ ਕੁਰਸੀਆਂ ਕਾਰਨ ਪ੍ਰੇਸ਼ਾਨ ਹੋਏ ਲੋਕ ਅਫਸਰਾਂ ਦੀਆਂ ਖਾਲੀ ਪਈਆਂ ਕੁਰਸੀਆਂ ਨਾਲ ਤਿੰਨ ਘੰਟੇ ਖੱਜਲ-ਖੁਆਰ ਲੋਕ!
Publish Date: Thu, 19 Nov 2026 04:58 PM (IST)
Updated Date: Thu, 19 Nov 2026 05:00 PM (IST)
ਨਵੀਂ ਤਹਿਸੀਲ ਵਿੱਚ ਅਧਿਕਾਰੀਆਂ ਦੀ ਗੈਰ-ਮੌਜੂਦਗੀ ਨੇ ਖੜ੍ਹੇ ਕੀਤੇ ਸਵਾਲ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ। ਪਰ ਇਨ੍ਹਾਂ ਦਾਅਵਿਆਂ ਦੇ ਉਲਟ ਹੁਸ਼ਿਆਰਪੁਰ ਦੀ ਨਵੀਂ ਬਣੀ ਤਹਿਸੀਲ ਦੇ ਹਾਲਾਤ ਕੁਝ ਹੋਰ ਹੀ ਤਸਵੀਰ ਬਿਆਨ ਕਰਦੇ ਨਜ਼ਰ ਆ ਰਹੇ ਹਨ। ਤਹਿਸੀਲ ਕੰਪਲੈਕਸ ਵਿੱਚ ਕੰਮ ਕਰਵਾਉਣ ਲਈ ਪਹੁੰਚ ਰਹੇ ਲੋਕਾਂ ਨੂੰ ਅਧਿਕਾਰੀਆਂ ਦੀ ਗੈਰ-ਮੌਜੂਦਗੀ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਹਿਸੀਲ ਵਿੱਚ ਆਪਣੇ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਨਾਲ ਸਬੰਧਤ ਕੰਮ ਕਰਵਾਉਣ ਆਏ ਲੋਕਾਂ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਅਧਿਕਾਰੀਆਂ ਦੀ ਉਡੀਕ ਕਰ ਰਹੇ ਹਨ, ਪਰ ਉਨ੍ਹਾਂ ਨੂੰ ਇਹ ਜਾਣਕਾਰੀ ਵੀ ਨਹੀਂ ਮਿਲ ਰਹੀ ਕਿ ਸਬੰਧਤ ਅਧਿਕਾਰੀ ਦਫ਼ਤਰ ਵਿੱਚ ਕਦੋਂ ਪਹੁੰਚਣਗੇ। ਹੈਰਾਨੀ ਦੀ ਗੱਲ ਇਹ ਹੈ ਕਿ ਮੌਕੇ ਤੇ ਮੌਜੂਦ ਕੋਈ ਵੀ ਦਫਤਰੀ ਅਮਲੇ ਦੇ ਕਰਮਚਾਰੀ ਵੱਲੋਂ ਵੀ ਲੋਕਾਂ ਨੂੰ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਲੋਕਾਂ ਦੇ ਜ਼ਰੂਰੀ ਕੰਮ ਲਟਕ ਰਹੇ ਹਨ ਅਤੇ ਉਨ੍ਹਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਰੌਸ਼ਨ ਦਫ਼ਤਰ, ਭਾਂਅ ਭਾਂਅ ਕਰਦਾ ਫ਼ਰਨੀਚਰ ਮੌਕੇ ਤੇ ਖਾਲੀ ਪਈਆਂ ਅਧਿਕਾਰੀਆਂ ਦੀਆਂ ਕੁਰਸੀਆਂ ਅਤੇ ਦਫ਼ਤਰਾਂ ਵਿੱਚ ਜਗਦੀਆਂ ਲਾਈਟਾਂ ਪ੍ਰਬੰਧਕੀ ਕਾਰਜਪ੍ਰਣਾਲੀ ਤੇ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਹੀ ਯਕੀਨੀ ਨਹੀਂ ਬਣਾਈ ਜਾ ਰਹੀ ਤਾਂ ਆਮ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸਹੂਲਤਾਂ ਕਿਵੇਂ ਮਿਲ ਸਕਦੀਆਂ ਹਨ? ਇਸ ਤੋਂ ਇਲਾਵਾ ਤਹਿਸੀਲ ਦੇ ਕਮਰਿਆਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਗੈਰ-ਮੌਜੂਦਗੀ ਕਾਰਨ ਸਰਕਾਰੀ ਰਿਕਾਰਡ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਪੈਦਾ ਹੁੰਦੇ ਹਨ। ਜੇਕਰ ਦਫ਼ਤਰਾਂ ਵਿੱਚ ਕੋਈ ਜ਼ਿੰਮੇਵਾਰ ਕਰਮਚਾਰੀ ਮੌਜੂਦ ਨਹੀਂ ਹੈ ਤਾਂ ਕਿਸੇ ਸ਼ਰਾਰਤੀ ਅਨਸਰ ਵੱਲੋਂ ਸਰਕਾਰੀ ਦਸਤਾਵੇਜ਼ਾਂ ਜਾਂ ਰਿਕਾਰਡ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਹੈ। ਕੀ ਕਹਿੰਦੇ ਹਨ ਲੋਕਾਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਤਹਿਸੀਲ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਬੇਵਜ੍ਹਾ ਖੱਜਲ-ਖੁਆਰ ਨਾ ਹੋਣਾ ਪਵੇ। ਕੀ ਕਹਿੰਦੇ ਹਨ ਡਿਪਟੀ ਕਮਿਸ਼ਨਰ ਇਸ ਸਬੰਧੀ ਡਿਪਟੀ ਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਪੜਤਾਲ ਤੁਰੰਤ ਐਸ ਡੀ ਐਮ ਹੁਸ਼ਿਆਰਪੁਰ ਕੋਲੋਂ ਕਰਵਾਈ ਜਾਵੇਗੀ।