- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 3 ਵੈਨਾਂ ਰਵਾਨਾ ਕੀਤੀਆਂ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵੱਲੋਂ ਪੂਰੀ ਸੁਹਿਰਦਤਾ ਦਿਖਾਉਂਦਿਆਂ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੇ ਮਾਮਲਿਆਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਾਉਂਦਿਆਂ ਵਾਤਾਵਰਣ, ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਮਿੱਤਰ ਕੀੜਿਆਂ ਦੇ ਬਚਾਅ ਲਈ ਸ਼ਲਾਘਾਯੋਗ ਸਹਿਯੋਗ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਲਗਾਤਾਰ ਨਿਗਰਾਨੀ ਅਤੇ ਜਾਗਰੂਕਤਾ ਲਈ 485 ਨੋਡਲ ਅਫ਼ਸਰ ਅਤੇ 125 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਵੈਨਾਂ ਜ਼ਿਲ੍ਹੇ ਦੇ ਹਰ ਬਲਾਕ, ਹਰ ਪਿੰਡ ਪਹੁੰਚ ਕੇ ਪਰਾਲੀ ਨਾ ਸਾੜਨ ਬਾਰੇ ਸੁਨੇਹਾ ਦੇਣਗੀਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ, ਕੋ-ਆਪ੍ਰੇਟਿਵ ਸੁਸਾਇਟੀਆਂ, ਪੰਚਾਇਤਾਂ ਅਤੇ ਕਿਸਾਨ ਸਮੂਹਾਂ ਨੂੰ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਖੇਤਾਂ ਵਿਚ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ ਦੀਪਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪੂਰੀ ਜਾਗਰੂਕਤਾ ਅਪਣਾਉਂਦਿਆਂ ਪਰਾਲੀ ਨਾ ਸਾੜਨ ਦਾ ਸੰਕਲਪ ਲਿਆ ਗਿਆ ਹੈ, ਜਿਸ ਸਦਕਾ ਪਿਛਲੇ ਸਾਲਾਂ ਦੌਰਾਨ ਬਹੁਤ ਹੀ ਘੱਟ ਅਜਿਹੇ ਮਾਮਲੇ ਸਾਹਮਣੇ ਆਏ ਸਨ।