ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਦੀ ਵੀਡੀਓ ਵਾਇਰਲ, ਜੇਲ੍ਹ ਸਟਾਫ 'ਤੇ ਲਗਾਏ ਗੰਭੀਰ ਦੋਸ਼; ਜਾਂਚ ਸ਼ੁਰੂ
ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਇੱਕ ਗੈਂਗਸਟਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਾਇਰਲ ਵੀਡੀਓ ’ਚ ਕੈਦੀ ਨੇ ਜੇਲ੍ਹ ਸਟਾਫ਼ ’ਤੇ ਕਈ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਸੂਤਰਾਂ ਅਨੁਸਾਰ ਤਲਵੰਡੀ ਸਾਬੋ ਨਾਲ ਸਬੰਧਤ ਮਨਪ੍ਰੀਤ ਸਿੰਘ ਉਰਫ਼ ਮੰਨਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਹੈ। ਉਸ ਖ਼ਿਲਾਫ਼ ਐੱਫ.ਆਈ.ਆਰ. ਨੰਬਰ 99 ਸਾਲ 2024 ਥਾਣਾ ਫੇਜ਼-8, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 308(2) ਤਹਿਤ ਮਾਮਲਾ ਦਰਜ ਹੈ।
Publish Date: Sun, 14 Jun 2026 05:35 PM (IST)
Updated Date: Sun, 14 Jun 2026 05:37 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਇੱਕ ਗੈਂਗਸਟਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਾਇਰਲ ਵੀਡੀਓ ’ਚ ਕੈਦੀ ਨੇ ਜੇਲ੍ਹ ਸਟਾਫ਼ ’ਤੇ ਕਈ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਸੂਤਰਾਂ ਅਨੁਸਾਰ ਤਲਵੰਡੀ ਸਾਬੋ ਨਾਲ ਸਬੰਧਤ ਮਨਪ੍ਰੀਤ ਸਿੰਘ ਉਰਫ਼ ਮੰਨਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਹੈ। ਉਸ ਖ਼ਿਲਾਫ਼ ਐੱਫ.ਆਈ.ਆਰ. ਨੰਬਰ 99 ਸਾਲ 2024 ਥਾਣਾ ਫੇਜ਼-8, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 308(2) ਤਹਿਤ ਮਾਮਲਾ ਦਰਜ ਹੈ।
ਵੀਡੀਓ ’ਚ ਲਗਾਏ ਜੇਲ੍ਹ ਪ੍ਰਬੰਧਾਂ ’ਤੇ ਦੋਸ਼
ਵਾਇਰਲ ਵੀਡੀਓ ਵਿੱਚ ਮਨਪ੍ਰੀਤ ਸਿੰਘ ਉਰਫ਼ ਮੰਨਾ ਆਪਣੀ ਪਛਾਣ ਦੱਸਦੇ ਹੋਏ ਦਾਅਵਾ ਕਰਦਾ ਸੁਣਾਈ ਦੇ ਰਿਹਾ ਹੈ ਕਿ ਉਸ ਨੂੰ ਪਿਛਲੇ ਚਾਰ ਦਿਨਾਂ ਤੋਂ ਸੌਣ ਨਹੀਂ ਦਿੱਤਾ ਜਾ ਰਿਹਾ ਅਤੇ ਉਸ ਤੋਂ ਰੋਜ਼ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਜੇਲ੍ਹ ਅੰਦਰ ਨਸ਼ੀਲੇ ਪਦਾਰਥ ਪਹੁੰਚਣ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ।
ਵੀਡੀਓ ਵਿੱਚ ਉਸ ਨੇ ਕੁਝ ਜੇਲ੍ਹ ਮੁਲਾਜ਼ਮਾਂ ’ਤੇ ਕੈਦੀਆਂ ਨਾਲ ਕੁੱਟਮਾਰ ਕਰਨ ਦੇ ਦੋਸ਼ ਵੀ ਲਗਾਏ ਹਨ। ਉਸ ਨੇ ਦਾਅਵਾ ਕੀਤਾ ਕਿ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਕੈਦੀਆਂ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈ। ਉਸ ਨੇ ਜੇਲ੍ਹ ਦੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰਨ ਅਤੇ ਆਪਣਾ ਮੈਡੀਕਲ ਕਰਵਾਉਣ ਦੀ ਮੰਗ ਵੀ ਕੀਤੀ ਹੈ।
ਮੁੱਖ ਮੰਤਰੀ ਨੂੰ ਕੀਤੀ ਅਪੀਲ
ਵੀਡੀਓ ’ਚ ਕੈਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਲ੍ਹਾਂ ’ਚ ਬੰਦ ਵਿਅਕਤੀਆਂ ਦੇ ਸੁਧਾਰ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਸ ਨੇ ਕਿਹਾ ਕਿ ਕੈਦੀਆਂ ਨੂੰ ਸੁਧਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਵੀਡੀਓ ਦੇ ਅੰਤ ’ਚ ਉਸ ਨੇ ਜੇਲ੍ਹ ਪ੍ਰਬੰਧਾਂ ਅਤੇ ਕੈਦੀਆਂ ਦੀ ਸਥਿਤੀ ਨੂੰ ਲੈ ਕੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ।
ਜੇਲ੍ਹ ਸੁਪਰਡੈਂਟ ਨੇ ਕਿਹਾ ਹੋ ਰਹੀ ਜਾਂਚ
ਇਸ ਸਬੰਧੀ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸੁਪਰਡੈਂਟ ਸਤਨਾਮ ਸਿੰਘ ਨੇ ਕਿਹਾ ਕਿ ਵਾਇਰਲ ਹੋਈ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।