- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜਦੀਵਾਲਾ: ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਲੜਕਿਆਂ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਅੰਤਰ-ਕਾਲਜ ਵਾਲੀਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਜਿੱਤਿਆ। ਇਸ ਜੇਤੂ ਟੀਮ ਦੀ ਅਗਵਾਈ ਕਪਤਾਨ ਮਨਮੀਤ ਸਿੰਘ ਨੇ ਕੀਤੀ, ਜਦਕਿ ਕਰਨਜੋਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿੱਚ ਰਵਜੋਤ ਸਿੰਘ, ਜਸ਼ਨ ਭਾਟੀਆ, ਮਹੀਪ ਸਿੰਘ, ਜਸ਼ਨਵੀਰ ਸਿੰਘ, ਅੰਕੁਸ਼ ਵਿਸ਼ਿਸ਼ਟ, ਮੌਲਿਕ ਸ਼ਰਮਾ, ਮਨਜੋਤ ਸਿੰਘ, ਰੁਪਿੰਦਰ ਸਿੰਘ,ਗੁਰਪ੍ਰੀਤ ਸਿੰਘ, ਬਲਜੋਤ ਸਿੰਘ ਅਤੇ ਸਰਤਾਜ ਸਿੰਘ ਸ਼ਾਮਲ ਸਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਕਾਲਜ ਪ੍ਰਬੰਧਕ ਕਮੇਟੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਨੇ ਜੇਤੂ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦਾ ਰਹੇਗਾ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।