ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਦਿੱਤਾ ਜਾ ਰਿਹਾ ਵਿਸ਼ੇਸ਼ ਉਤਸ਼ਾਹ : ਆਸ਼ਿਕਾ ਜੈਨ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਦਿੱਤਾ ਜਾ ਰਿਹਾ ਵਿਸ਼ੇਸ਼ ਉਤਸ਼ਾਹ: ਆਸ਼ਿਕਾ ਜੈਨ
Publish Date: Fri, 27 Nov 2026 05:43 PM (IST)
Updated Date: Fri, 27 Nov 2026 05:44 PM (IST)
ਸੱਤ ਵਿਧਾਨ ਸਭਾ ਹਲਕਿਆਂ ਵਿੱਚ 402 ਇਲੈਕਟੋਰਲ ਲਿਟਰੇਸੀ ਕਲੱਬ ਸਥਾਪਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਵੱਡੇ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ 402 ਇਲੈਕਟੋਰਲ ਲਿਟਰੇਸੀ ਕਲੱਬ ਸਥਾਪਤ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਮਨਜ਼ੂਰੀ ਪ੍ਰਕਿਰਿਆ ਵੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਵਿੱਚ 48, ਦਸੂਹਾ ਵਿੱਚ 61, ਉੜਮੁੜ ਵਿੱਚ 55, ਸ਼ਾਮ ਚੁਰਾਸੀ ਵਿੱਚ 59, ਹੁਸ਼ਿਆਰਪੁਰ ਵਿੱਚ 67, ਚੱਬੇਵਾਲ ਵਿੱਚ 49 ਅਤੇ ਗੜ੍ਹਸ਼ੰਕਰ ਵਿੱਚ 63 ਕਲੱਬ ਬਣਾਏ ਗਏ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੋਟ ਦੇ ਮਹੱਤਵ, ਚੋਣ ਪ੍ਰਕਿਰਿਆ ਅਤੇ ਲੋਕਤੰਤਰੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਸਬੰਧੀ ਸਾਰੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਵਿਖੇ ਲੇਖ ਅਤੇ ਕੁਇਜ਼ ਮੁਕਾਬਲਿਆਂ ਦੇ ਨਾਲ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ। ਆਸ਼ਿਕਾ ਜੈਨ ਨੇ ਦੱਸਿਆ ਕਿ ਈਵੀਐਮ ਅਤੇ ਵੀਵੀਪੈਟ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦੇਣ ਲਈ 8 ਪ੍ਰਦਰਸ਼ਨੀ ਕੇਂਦਰ ਸਥਾਪਤ ਕੀਤੇ ਜਾਣਗੇ। ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸੁਵਿਧਾ ਕੇਂਦਰ ਅਤੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਇੱਕ-ਇੱਕ ਕੇਂਦਰ ਹੋਵੇਗਾ। ਇਸ ਤੋਂ ਇਲਾਵਾ ਸੱਤ ਮੋਬਾਈਲ ਡੈਮੋਨਸਟ੍ਰੇਸ਼ਨ ਵੈਨਾਂ 9 ਦਸੰਬਰ ਤੋਂ ਮੁਹਿੰਮ ਸ਼ੁਰੂ ਕਰਨਗੀਆਂ। ਹਰੇਕ ਵੈਨ ਆਪਣੇ ਹਲਕੇ ਦੇ 5 ਤੋਂ 7 ਨਿਰਧਾਰਤ ਸਥਾਨਾਂ ’ਤੇ ਜਾ ਕੇ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਿੰਗ ਪ੍ਰਤੀ ਜਾਗਰੂਕਤਾ ਅਤੇ ਲੋਕਤੰਤਰ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਹੈ।