ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਚੈਕਿੰਗ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਚੈਕਿੰਗ
Publish Date: Sun, 15 Nov 2026 03:53 PM (IST)
Updated Date: Mon, 16 Nov 2026 04:00 AM (IST)
1903 ਘਰਾਂ ਦੀ ਕੀਤੀ ਜਾਂਚ, 41 ਘਰਾਂ ’ਚ ਮਿਲਿਆ ਮੱਛਰ ਦਾ ਲਾਰਵਾ, ਜ਼ਿਲ੍ਹੇ ’ਚ ਡੇਂਗੂ ਦੇ 81 ਤੇ ਚਿਕਨਗੁਨੀਆ ਦੇ 5 ਕੇਸ ਆਏ ਸਾਹਮਣੇ ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ, ਦੁਕਾਨਾਂ, ਦਫ਼ਤਰਾਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਜਾਂਚ ਕਰ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਜਗਦੀਪ ਨੇ ਦੱਸਿਆ ਕਿ ਟੀਮਾਂ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਜਾਂਚ ਕਰ ਰਹੀਆਂ ਹਨ। ਮੁਹਿੰਮ ਦੌਰਾਨ ਕੁੱਲ 1903 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 41 ਘਰਾਂ ਵਿੱਚ ਮੱਛਰ ਦਾ ਲਾਰਵਾ ਮਿਲਿਆ। ਟੀਮਾਂ ਨੇ ਮੌਕੇ ’ਤੇ ਹੀ ਲਾਰਵਾ ਨਸ਼ਟ ਕਰਕੇ ਲੋਕਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਲੋੜੀਂਦੀਆਂ ਥਾਵਾਂ ’ਤੇ ਸਪਰੇਅ ਅਤੇ ਫੌਗਿੰਗ ਵੀ ਕਰਵਾਈ ਗਈ। ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ 81 ਅਤੇ ਚਿਕਨਗੁਨੀਆ ਦੇ 5 ਕੇਸ ਸਾਹਮਣੇ ਆ ਚੁੱਕੇ ਹਨ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਲੋਕਾਂ ਨੂੰ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਕੂਲਰਾਂ ਦਾ ਪਾਣੀ ਬਦਲਣ, ਟੈਂਕੀਆਂ ਢੱਕ ਕੇ ਰੱਖਣ ਅਤੇ ਖਾਲੀ ਬਰਤਨਾਂ ਤੇ ਟਾਇਰਾਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ ਨੂੰ ਆਦਤ ਬਣਾਇਆ ਜਾਵੇ। ਵਾਰ-ਵਾਰ ਹਦਾਇਤਾਂ ਦੇ ਬਾਵਜੂਦ ਲਾਪਰਵਾਹੀ ਵਰਤਣ ਵਾਲਿਆਂ ਦੇ ਨਿਯਮਾਂ ਅਨੁਸਾਰ ਚਲਾਨ ਕੀਤੇ ਜਾਣਗੇ।