- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ 1710 ਘਰਾਂ ਦੀ ਜਾਂਚ, 41 ਥਾਵਾਂ ਤੋਂ ਲਾਰਵਾ ਨਸ਼ਟ

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ। ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਕੂਲਾਂ, ਸ਼ਹਿਰ ਦੇ ਹਾਟ ਸਪਾਟ ਇਲਾਕਿਆਂ ਅਤੇ ਘਰ-ਘਰ ਜਾ ਕੇ ਜਾਂਚ ਕੀਤੀ। ਇਸ ਦੌਰਾਨ ਟੀਮਾਂ ਵੱਲੋਂ ਕੁੱਲ 1710 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 41 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਮਿਲਿਆ। ਸਿਹਤ ਕਰਮਚਾਰੀਆਂ ਨੇ ਮੌਕੇ ’ਤੇ ਹੀ ਲਾਰਵਾ ਨਸ਼ਟ ਕੀਤਾ ਅਤੇ ਲੋੜ ਅਨੁਸਾਰ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਡਰੰਮਾਂ ਅਤੇ ਫਰਿੱਜ ਦੀਆਂ ਟਰੇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਇਨ੍ਹਾਂ ਦੀ ਹਫ਼ਤੇ ਵਿੱਚ ਇੱਕ ਵਾਰ ਸਫ਼ਾਈ ਜ਼ਰੂਰ ਕੀਤੀ ਜਾਵੇ।